ਦਿਵਿਯਾਂਗ ਵਰਗ ਦੀਆਂ ਮੰਗਾਂ ਸਬੰਧੀ ਸੁਖਬੀਰ ਬਾਦਲ ਨੂੰ ਦਿੱਤਾ ਮੰਗ ਪੱਤਰ
ਸੰਯੁਕਤ ਦਿਵਿਯਾਂਗ ਮੋਰਚਾ ਪੰਜਾਬ ਦੇ ਸੱਦੇ ‘ਤੇ ਕੋਟਕਪੂਰਾ ਨੇੜਲੇ ਪਿੰਡ ਹਰੀ ਨੌ ਵਿਖੇ ਇੱਕ ਅਹਿਮ ਮੀਟਿੰਗ ਆਯੋਜਿਤ
Publish Date: Sun, 01 Mar 2026 04:28 PM (IST)
Updated Date: Mon, 02 Mar 2026 04:01 AM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ
ਘਨੌਰ : ਸੰਯੁਕਤ ਦਿਵਿਯਾਂਗ ਮੋਰਚਾ ਪੰਜਾਬ ਦੇ ਸੱਦੇ ’ਤੇ ਕੋਟਕਪੂਰਾ ਨੇੜਲੇ ਪਿੰਡ ਹਰੀ ਨੌ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਓਮਕਾਰ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਭਰਪੂਰ ਸ਼ਮੂਲੀਅਤ ਕਰਦਿਆਂ ਦਿਵਿਯਾਂਗ ਵਰਗ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਜ਼ਿਲ੍ਹਾ ਪਟਿਆਲਾ ਦੀ ਟੀਮ ਓਮਕਾਰ ਸ਼ਰਮਾ, ਬਲਜੀਤ ਸਿੰਘ, ਹੰਸ ਰਾਜ ਅਤੇ ਲਖਵਿੰਦਰ ਸਿੰਘ, ਸਤਨਾਮ ਸਿੰਘ, ਹਰਨੇਕ ਸਿੰਘ ਦੀ ਅਗਵਾਈ ਹੇਠ ਮੀਟਿੰਗ ਵਿੱਚ ਸ਼ਾਮਲ ਹੋਈ। ਆਗੂਆਂ ਨੇ ਦਿਵਿਯਾਂਗ ਵਰਗ ਨਾਲ ਜੁੜੀਆਂ ਲੰਬੇ ਸਮੇਂ ਤੋਂ ਮੰਗਾਂ ਨੂੰ ਢੰਗ ਨਾਲ ਰੱਖਦਿਆਂ ਰਾਜਨੀਤਿਕ ਪਾਰਟੀਆਂ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਹੁਣ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੌਜੂਦ ਰਹੇ। ਇਸ ਮੌਕੇ ਦਿਵਿਯਾਂਗ ਆਗੂਆਂ ਵੱਲੋਂ ਉਨ੍ਹਾਂ ਨੂੰ ਵਰਗ ਦੀਆਂ ਅਹਿਮ ਮੰਗਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਮੁੱਖ ਮੰਗਾਂ ਵਿੱਚ ਦਿਵਿਯਾਂਗਾਂ ਲਈ ਅਲੱਗ ਕੈਟਾਗਰੀ ਬਣਾਕੇ ਘੱਟੋ-ਘੱਟ ₹5,000 ਮਹੀਨਾ ਪੈਨਸ਼ਨ, ਦਿਵਿਯਾਂਗਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਵਿੱਚ ਮੁਫ਼ਤ ਪੜ੍ਹਾਈ ਅਤੇ ਮੁਫ਼ਤ ਮੈਡੀਕਲ ਸਹੂਲਤਾਂ, ਦਿਵਿਯਾਂਗ ਪਰਿਵਾਰਾਂ ਨੂੰ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ ਵਿੱਚ ਬੈਕਲਾਗ ਦੀ ਤੁਰੰਤ ਭਰਤੀ, ਦਿਵਿਆਂਗਤਾ- 2016 ਦੀ ਪੂਰੀ ਤਰ੍ਹਾਂ ਲਾਗੂ ਕਰਨਾ ਅਤੇ ਵਿਧਾਨ ਸਭਾ ਤੋਂ ਲੈ ਕੇ ਪੰਚਾਇਤਾਂ ਤੇ ਜ਼ਿਲ੍ਹਾ ਪੱਧਰ ਦੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਯੋਗ ਨੁਮਾਇੰਦਗੀ ਸ਼ਾਮਲ ਹਨ। ਜ਼ਿਲ੍ਹਾ ਪਟਿਆਲਾ ਟੀਮ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਦਿਵਿਯਾਂਗ ਵਰਗ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਸੇ ਰਾਜਨੀਤਿਕ ਪਾਰਟੀ ਨੂੰ ਸਮਰਥਨ ਦੇਵੇਗਾ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰੇਗੀ।
ਸੁਖਬੀਰ ਸਿੰਘ ਬਾਦਲ ਨੇ ਦਿਵਿਯਾਂਗ ਵਰਗ ਦੀਆਂ ਮੰਗਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਜੇ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ।