ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵੱਲੋਂ ਮੀਟਿੰਗ ’ਚ ਵਿਕਾਸ ਕਾਰਜਾਂ ਦਾ ਜਾਇਜ਼ਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵੱਲੋਂ ਮੀਟਿੰਗ ’ਚ ਵਿਕਾਸ ਕਾਰਜਾਂ ਦਾ ਜਾਇਜ਼ਾ
Publish Date: Thu, 29 Oct 2026 04:39 PM (IST)
Updated Date: Thu, 29 Oct 2026 04:40 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਹਾਊਸ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ। ਚੇਅਰਮੈਨ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਵੱਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਗ੍ਰਾਂਟ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਹੜੇ ਵਿਕਾਸ ਕਾਰਜ ਹਾਲੇ ਮੁਕੰਮਲ ਹੋਣੇ ਬਾਕੀ ਹਨ, ਉਨ੍ਹਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਹਾ ਕਿ ਭਵਿੱਖ ਵਿੱਚ 16ਵੇਂ ਵਿੱਤ ਕਮਿਸ਼ਨ ਤਹਿਤ ਜ਼ਿਲ੍ਹੇ ਨੂੰ ਪ੍ਰਾਪਤ ਹੋਣ ਵਾਲੀ ਗ੍ਰਾਂਟ ਦੇ ਮੱਦੇਨਜ਼ਰ ਉਹ ਆਪੋ-ਆਪਣੇ ਜ਼ੋਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਤਜਵੀਜ਼ਾਂ ਪਹਿਲਾਂ ਹੀ ਤਿਆਰ ਕਰ ਲੈਣ, ਤਾਂ ਜੋ ਫੰਡ ਉਪਲਬਧ ਹੋਣ ’ਤੇ ਸਬੰਧਤ ਕੰਮਾਂ ਲਈ ਬਿਨਾਂ ਕਿਸੇ ਦੇਰੀ ਦੇ ਗ੍ਰਾਂਟ ਜਾਰੀ ਕੀਤੀ ਜਾ ਸਕੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਤੋਂ ਇਲਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਵਾਈਸ ਚੇਅਰਪਰਸਨ ਬਿੰਦਰ ਕੌਰ, ਬਲਾਕ ਸੰਮਤੀ ਭੁਨਰਹੇੜੀ ਦੇ ਚੇਅਰਮੈਨ ਚਰਨਜੀਤ ਸਿੰਘ, ਰਾਜਪੁਰਾ ਦੇ ਚੇਅਰਮੈਨ ਬਲਵਿੰਦਰ ਸਿੰਘ, ਪਟਿਆਲਾ ਦਿਹਾਤੀ ਬਲਾਕ ਸੰਮਤੀ ਦੇ ਚੇਅਰਮੈਨ ਗੁਰਵਿੰਦਰ ਸਿੰਘ, ਬਲਾਕ ਸੰਮਤੀ ਪਾਤੜਾਂ ਦੀ ਚੇਅਰਪਰਸਨ ਪਰਮਜੀਤ ਕੌਰ, ਬਲਾਕ ਸੰਮਤੀ ਘਨੌਰ ਦੀ ਚੇਅਰਪਰਸਨ ਗੁਰਦੀਪ ਕੌਰ ਅਤੇ ਬਲਾਕ ਸੰਮਤੀ ਪਟਿਆਲਾ ਦੀ ਚੇਅਰਪਰਸਨ ਸਰਬਜੀਤ ਕੌਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।