ਐੱਸਐੱਸਪੀ ਵੱਲੋਂ ਨਸ਼ਿਆਂ ਵਿਰੁੱਧ ਪੁਲਿਸ-ਜਨਤਾ ਦੀ ਸਾਂਝੀ ਮੁਹਿੰਮ 'ਤੇ ਜ਼ੋਰ
ਐਸ ਐਸ ਪੀ ਵੱਲੋਂ ਨਸ਼ਿਆਂ ਵਿਰੁੱਧ ਪੁਲਿਸ-ਜਨਤਾ ਦੀ ਸਾਂਝੀ ਮੁਹਿੰਮ 'ਤੇ ਜ਼ੋਰ
Publish Date: Sun, 26 Apr 2026 05:03 PM (IST)
Updated Date: Sun, 26 Apr 2026 05:07 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਫਲੈਗਸ਼ਿਪ ਪ੍ਰੋਗਰਾਮ ‘ਸੰਪਰਕ 2026’ ਅਧੀਨ ਅੱਜ ਪਟਿਆਲਾ ਵਿਖੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ’ਚ ਐੱਸਐੱਸਪੀ ਵਰੁਣ ਸ਼ਰਮਾ, ਐਸਪੀ ਵੈਭਵ ਚੌਧਰੀ ਸਮੇਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਪਿੰਡਾਂ ਤੋਂ ਆਏ ਪੰਚ-ਸਰਪੰਚਾਂ, ਵਲੰਟੀਅਰਜ਼ ਤੇ ਆਮ ਜਨਤਾ ਨੇ ਸ਼ਿਰਕਤ ਕੀਤੀ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਜਨਤਾ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਪ੍ਰਾਪਤ ਕਰਨਾ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਖੁੱਲ੍ਹਾ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ’ਚ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਜੰਗੀ ਪੱਧਰ ’ਤੇ ਲੜਨ ਲਈ ਸਾਂਝੇ ਯਤਨਾਂ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਇਕ ਸਾਲ ਦੌਰਾਨ 1600 ਤੋਂ ਵੱਧ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜੋ ਕਿ ਨਸ਼ਾ ਤਸਕਰੀ ਅਤੇ ਸੰਬੰਧਤ ਅਪਰਾਧਾਂ ਖਿਲਾਫ ਕੀਤੀ ਗਈ ਸਖ਼ਤ ਕਾਰਵਾਈ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਜਨਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ ਅਤੇ ਆਗਾਮੀ ਸਮੇਂ ’ਚ ਵੀ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੇਗੀ। ਅਖੀਰ ਵਿਚ ਪੁਲਿਸ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਸੰਪਰਕ ਵਿੱਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਜਾਂ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਮੀਟਿੰਗ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।