ਜ਼ਮੀਨ ਨਾਲ ਜੁੜੀਆਂ ਮੰਗਾਂ 'ਤੇ ਪੰਜਾਬ ਸਰਕਾਰ ਨਾਲ ਮੀਟਿੰਗ 10 ਨੂੰ ਤੈਅ
ਜ਼ਮੀਨ ਨਾਲ ਜੁੜੀਆਂ ਮੰਗਾਂ 'ਤੇ ਪੰਜਾਬ ਸਰਕਾਰ ਨਾਲ ਮੀਟਿੰਗ 10 ਨੂੰ ਤੈਅ
Publish Date: Sun, 25 Jan 2026 05:54 PM (IST)
Updated Date: Mon, 26 Jan 2026 04:10 AM (IST)

27 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਹੋਣ ਵਾਲਾ ਪ੍ਰਦਸ਼ਨ ਮੁਲਤਵੀ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮਜ਼ਦੂਰ ਜਥੇਬੰਦੀਆਂ ਨੇ ਸੂਬਾ ਸਰਕਾਰ ਵਲੋਂ 10 ਫ਼ਰਵਰੀ ਨੂੰ ਗੱਲਬਾਤ ਦਾ ਸੱਦਾ ਦੇਣ ਉਪਰੰਤ 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਕੀਤੇ ਜਾਣ ਵਾਲਾ ਧਰਨਾ ਮੁਜ਼ਾਹਰਾ ਮੁਲਤਵੀ ਕਰ ਦਿੱਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਇਸ ਧਰਨੇ ਮੁਜ਼ਾਹਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨਾਲ ਦੋ ਦਿਨ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਮਜ਼ਦੂਰ ਆਗੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਨੂੰ ਜਲਦੀ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਮਜ਼ਦੂਰ ਮੰਗਾਂ ਦੇ ਠੋਸ ਹੱਲ ਲਈ 10 ਫ਼ਰਵਰੀ ਨੂੰ ਸੂਬਾ ਸਰਕਾਰ ਵਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮਜ਼ਦੂਰ ਜਥੇਬੰਦੀਆਂ ਵਲੋਂ ਹਾਲ ਦੀ ਘੜੀ ਇਸ ਮੁਜ਼ਾਹਰੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸਕੱਤਰ ਬਿੱਕਰ ਸਿੰਘ ਹਥੋਆ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਗੋਬਿੰਦ ਸਿੰਘ ਛਾਂਜਲੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਜੀਵ ਮਿੰਟੂ ਨੇ ਦੱਸਿਆ ਕੀ ਆਪ ਸਰਕਾਰ ਵੱਲੋਂ ਪਿੱਛਲੇ ਲੰਬੇ ਸਮੇ ਤੋਂ ਮਜ਼ਦੂਰਾਂ ਦੀਆ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਅਤੇ ਉਲਟਾ ਮਜ਼ਦੂਰ ਆਗੂਆਂ ਦੀ ਝੂਠੇ ਪਰਚਿਆ ਚ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆ ਹਨ। ਜਿਸ ਤਹਿਤ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਰਿਹਾਈ ਅਤੇ ਮਜ਼ਦੂਰਾਂ ਦੀਆਂ ਜ਼ਮੀਨੀ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨਾ ਮੁਜ਼ਾਹਰਾ ਕੀਤਾ ਜਾਣਾ ਸੀ। ਬੀਤੇ ਦਿਨੀਂ ਡੀਸੀ ਸੰਗਰੂਰ ਰਾਹੁਲ ਚਾਬਾ, ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਅਤੇ ਜ਼ਿਲ੍ਹੇ ਦੇ ਹੋਰ ਉਚ ਅਧਿਕਾਰੀਆਂ ਨਾਲ ਲਗਾਤਾਰ ਦੋ ਦਿਨਾਂ ਮੀਟਿੰਗਾਂ ਦਾ ਦੌਰ ਚੱਲਿਆ। ਜਿਸ ਚ ਮੁਕੇਸ਼ ਮਲੌਦ ਨੂੰ ਜਲਦੀ ਹੀ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਮਜ਼ਦੂਰ ਮੰਗਾਂ ਦੇ ਹੱਲ ਲਈ ਮਜ਼ਦੂਰ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵਲੋਂ 10 ਫ਼ਰਵਰੀ ਨੂੰ ਮੀਟਿੰਗ ਲਈ ਦਿੱਤੇ ਗਏ ਸੱਦੇ ਦਾ ਅੱਜ ਲਿਖਤੀ ਪੱਤਰ ਐਸਐਸਪੀ ਸਰਤਾਜ ਸਿੰਘ ਚਾਹਲ ਵਲੋਂ ਸੌਂਪਿਆ ਗਿਆ। ਇਸ ਮੌਕੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਪ੍ਰਸ਼ਾਸਨ ਵਲੋਂ ਵਾਅਦੇ ਅਨੁਸਾਰ ਮੁਕੇਸ਼ ਮਲੌਦ ਦੀ ਰਿਹਾਈ ਨਾ ਕੀਤੀ ਗਈ ਤੇ 10 ਫ਼ਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਨੀਆਂ ਗਈਆਂ ਅਹਿਮ ਮੰਗਾਂ ਨੂੰ ਜ਼ਮੀਨੀ ਪੱਧਰ ਉੱਪਰ ਲਾਗੂ ਕਰਨ ਲਈ ਮੀਟਿੰਗ ਚ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ 18 ਫਰਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਸਿੰਘ ਹਰੀਗੜ੍ਹ ਸਮੇਤ ਹੋਰ ਆਗੂ ਵੀ ਹਾਜ਼ਰ ਸਨ।