
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਨੂੰ ਮਜ਼ਬੂਤ ਕਰਨ ਲਈ ਬਖਸ਼ੀਵਾਲਾ ਵਿੱਚ ਵਰਕਰਾਂ ਨਾਲ ਮੀਟਿੰਗ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪਿੰਡ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਬਖਸ਼ੀਵਾਲਾ ’ਚ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ। ਇਹ ਮੀਟਿੰਗ ਭਾਜਪਾ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਜਰਨੈਲ ਸਿੰਘ ਵਿਰਕ ਦੇ ਗ੍ਰਹਿ ਵਿਖੇ ਕੀਤੀ।ਵਰਕਰਾਂ ਨੂੰ ਸੰਬੋਧਨ ਕਰਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਕ ਮੁਫ਼ਤ ਅਨਾਜ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਯੋਜਨਾਵਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਬਰਾੜ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਹਰਿਆਣਾ ਵਿੱਚ ਮਹਿਲਾਵਾਂ ਨੂੰ 2100 ਰੁਪਏ ਮਹੀਨਾਵਾਰ ਸਹਾਇਤਾ ਅਤੇ ਬਜ਼ੁਰਗਾਂ ਨੂੰ 3200 ਰੁਪਏ ਤੱਕ ਪੈਨਸ਼ਨ ਦਿੱਤੀ ਜਾ ਸਕਦੀ ਹੈ ਤਾਂ ਪੰਜਾਬ ਵਿੱਚ ਇਹ ਸਹੂਲਤ ਕਿਉਂ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ, ਸਰਕਾਰੀ ਮੁਲਾਜ਼ਮਾਂ ਨੂੰ ਡੀਏ ਅਤੇ ਪੇ-ਕਮਿਸ਼ਨ ਦੇ ਬਕਾਏ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਸੰਕਟ, ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਕਾਸ ਦੀਆਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਭਾਜਪਾ ਦੀ ਮਜ਼ਬੂਤ ਸਰਕਾਰ ਜ਼ਰੂਰੀ ਹੈ। ਮੀਟਿੰਗ ਵਿਚ ਜਸਬੀਰ ਸਿੰਘ ਜੱਸੀ ਕੋਟਲਾ, ਰਾਮ ਸਿੰਘ ਮਿਰਜਾਪੁਰ, ਸ਼ਮਸ਼ੇਰ ਸਿੰਘ ਉਕਸੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।