ਮੈਰੀਟੋਰੀਅਸ ਅਧਿਆਪਕਾਂ ਨੇ ਵਿੱਤ ਮੰਤਰੀ ਦੀ ਕੋਠੀ ਘੇਰੀ
ਮੈਰੀਟੋਰੀਅਸ ਅਧਿਆਪਕਾਂ ਨੇ ਵਿੱਤ ਮੰਤਰੀ ਦੀ ਕੋਠੀ ਘੇਰੀ
Publish Date: Fri, 03 Apr 2026 03:53 PM (IST)
Updated Date: Sat, 04 Apr 2026 04:02 AM (IST)

ਲਿਖਤੀ ਭਰੋਸੇ ਤੋਂ ਬਾਅਦ ਕੀਤਾ ਅਸਥਾਈ ਧਰਨਾ ਖ਼ਤਮ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਕਿਉਂਕਿ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਅਧਿਆਪਕਾਂ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਪ੍ਰਗਟਾਇਆ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਦੱਸਿਆ ਕਿ ਮੈਰੀਟੋਰੀਅਸ ਅਧਿਆਪਕ ਪਿਛਲੇ 11 ਸਾਲਾਂ ਤੋਂ ਮੈਰੀਟੋਰੀਅਸ ਸਕੂਲਾਂ ਵਿਚ ਕੱਚੇ ਤੌਰ ’ਤੇ ਸੇਵਾ ਨਿਭਾਅ ਰਹੇ ਹਨ ਤੇ ਉਨ੍ਹਾਂ ਦੀ ਮੁੱਖ ਮੰਗ ਮੈਰੀਟੋਰੀਅਸ ਅਧਿਆਪਕਾ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਉਨ੍ਹਾਂ ਦੀ ਭਰਤੀ ਸਰਕਾਰੀ ਲੈਕਚਰਾਰਾਂ ਵਾਂਗ ਪੂਰੀ ਪ੍ਰਕਿਰਿਆ ਰਾਹੀਂ ਹੋਈ ਹੈ, ਯੋਗਤਾਵਾਂ ਵੀ ਉਨ੍ਹਾਂ ਦੇ ਬਰਾਬਰ ਹਨ ਤੇ ਕੰਮ ਵੀ ਉਨ੍ਹਾਂ ਦੇ ਸਮਾਨ ਹੀ ਲਿਆ ਜਾਂਦਾ ਹੈ। ਪਰ ਸਿਰਫ਼ ਕੱਚੇ ਹੋਣ ਕਰ ਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਵੱਡਾ ਪੱਖਪਾਤ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਕਿਹਾ ਕਿ ਜਿੱਥੇ ਇਕ ਪੱਕੇ ਸਰਕਾਰੀ ਲੈਕਚਰਾਰ ਨੂੰ ਪੂਰੀ ਤਨਖਾਹ, ਭੱਤੇ ਤੇ ਹੋਰ ਸਹੂਲਤਾਂ ਮਿਲਦੀਆਂ ਹਨ, ਉੱਥੇ ਮੈਰੀਟੋਰੀਅਸ ਅਧਿਆਪਕਾਂ ਨੂੰ ਉਨ੍ਹਾਂ ਨਾਲੋ ਕਾਫ਼ੀ ਘੱਟ ਤਨਖਾਹ ਦਿੱਤੀ ਜਾ ਰਹੀ ਹੈ। ਇਨ੍ਹਾਂ ਅਧਿਆਪਕਾਂ ਤੋਂ ਸਾਰੇ ਕੰਮ ਪੜ੍ਹਾਉਣ ਤੋਂ ਲੈ ਕੇ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਤੱਕ ਲਏ ਜਾਂਦੇ ਹਨ, ਪਰ ਸਹੂਲਤਾਂ ਉਨ੍ਹਾਂ ਦੇ ਹੱਕਾਂ ਅਨੁਸਾਰ ਨਹੀਂ ਦਿੱਤੀਆਂ ਜਾਂਦੀਆਂ। ਉਨ੍ਹਾਂ ਨੇ ਕਿਹਾ ਕਿ ਇਹ ਮੈਰੀਟੋਰੀਅਸ ਅਧਿਆਪਕਾ ਨਾਲ ਸਿੱਧੇ ਤੌਰ ’ਤੇ ਧੱਕਾ ਹੈ ਤੇ ਪੰਜਾਬ ਸਰਕਾਰ ਨੂੰ ਇਸਨੂੰ ਤੁਰੰਤ ਦੁਰੁਸਤ ਕਰਨਾ ਚਾਹੀਦਾ ਹੈ। ਯੂਨੀਅਨ ਆਗੂ ਡਾ. ਟੀਨਾ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਨਾਮ ‘ਤੇ ਸਿਰਫ਼ ਭਰੋਸੇ ਦਿੱਤੇ ਜਾਂਦੇ ਹਨ, ਪਰ ਹਕੀਕਤ ਵਿੱਚ ਕੋਈ ਢੁੱਕਵਾਂ ਫੈਸਲਾ ਨਹੀਂ ਲਿਆ ਜਾਂਦਾ। 25 ਮਾਰਚ ਨੂੰ ਵਿੱਤ ਮੰਤਰੀ ਵੱਲੋਂ ਸਿੱਖਿਆ ਸਕੱਤਰ ਨੂੰ ਹਦਾਇਤ ਦਿੱਤੀ ਸੀ ਕੀ ਮੈਰੀਟੋਰੀਅਸ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੈਰੀਟੋਰੀਅਸ ਅਧਿਆਪਕਾਂ ਦੇ ਮਸਲੇ ਨੂੰ ਤੁਰੰਤ ਹੱਲ ਕੀਤਾ ਜਾਵੇ, ਪਰ ਹਾਲੇ ਤੱਕ ਇਸ ਸਬੰਧੀ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ, ਜਿਸ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਵਧ ਗਈ ਹੈ। ਅਧਿਆਪਕਾਂ ਨੇ ਸਪਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਗੌਰਮਿੰਟ ਟੀਚਰ ਯੂਨੀਅਨ ਤੋਂ ਫ਼ਕੀਰ ਸਿੰਘ ਟਿੱਬਾ, ਸਰਬਜੀਤ ਸਿੰਘ ਪੁੰਨਾਵਾਲ, ਬੱਗਾ ਸਿੰਘ, ਜਗਰੂਪ ਸਿੰਘ ਉਪਲੀ ਸਾਥਿਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾ ਨੂੰ ਜਲਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਯੂਨੀਅਨ ਨਾਲ ਗੱਲਬਾਤ ਕੀਤੀ ਗਈ ਅਤੇ ਸਬ-ਕਮੈਟੀ ਨਾਲ 10 ਅਪ੍ਰੈਲ ਨੂੰ ਅਤੇ ਸਿੱਖਿਆ ਸਕੱਤਰ ਨਾਲ 7 ਅਪ੍ਰੈਲ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਦਿੱਤਾ ਗਿਆ। ਇਸ ਲਿਖਤੀ ਭਰੋਸੇ ਤੋਂ ਬਾਅਦ ਯੂਨੀਅਨ ਨੇ ਆਪਣਾ ਧਰਨਾ ਅਸਥਾਈ ਤੌਰ ‘ਤੇ ਖਤਮ ਕਰ ਦਿੱਤਾ।