ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਦੱਸਿਆ ਨਵੇਕਲੀ ਸ਼ੁਰੂਆਤ
ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਦੱਸਿਆ ਨਵੇਕਲੀ ਸ਼ੁਰੂਆਤ
Publish Date: Sat, 28 Feb 2026 04:19 PM (IST)
Updated Date: Sat, 28 Feb 2026 04:19 PM (IST)

ਕਿਹਾ- ਸਰਕਾਰੀ ਅਤੇ ਨਿੱਜੀ ਹਸਪਤਾਲਾਂ ’ਚ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਸੁਨਾਮ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਨੂੰ ਆਪਣੇ ਆਪ ਵਿੱਚ ਇੱਕ ਨਿਵੇਕਲੀ ਸ਼ੁਰੂਆਤ ਦੱਸਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਉਕਤ ਯੋਜਨਾ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ’ਚ ਮੀਲ ਪੱਥਰ ਸਾਬਤ ਹੋਵੇਗਾ। ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਸਨੀ ਕਾਂਸਲ ਐਮਸੀ., ਦਿਲਬਹਾਰ ਸਿੰਘ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ , ਪਵਨ ਕੁਮਾਰ ਸੈਕਟਰੀ, ਸੋਹਣ ਲਾਲ ਖੀਪਲਾ, ਸੰਜੀਵ ਪੋਪਲੀ ਹਾਜ਼ਰ ਸਨ।