ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ
ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ
Publish Date: Thu, 09 Apr 2026 04:07 PM (IST)
Updated Date: Fri, 10 Apr 2026 04:03 AM (IST)

ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਬਲਵਾੜ ਕਲਾਂ, ਖੁਰਾਣੀ, ਸੋਹੀਆਂ ਕਲਾਂ, ਈਲਵਾਲ, ਕਨੋਈ ਅਤੇ ਕੁਲਾਰ ਖੁਰਦ ਲਈ 65 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਮਾਡਲ ਪਿੰਡਾਂ ਵਿਚ ਤਬਦੀਲ ਕਰਨ ਲਈ ਵਚਨਬੱਧ ਹੈ, ਇਸੇ ਦਿਸ਼ਾ ’ਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪਿੰਡਾਂ ’ਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤਹਿਤ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ, ਗਲੀ-ਨਾਲੀਆਂ ਬਣਾਉਣ, ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ, ਸਟਰੀਟ ਲਾਈਟਾਂ ਦੀ ਸਥਾਪਨਾ ਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਵਰਗੇ ਕੰਮ ਤਰਜੀਹੀ ਆਧਾਰ ’ਤੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨਾਲ ਹੀ ਲੋਕਾਂ ਦਾ ਭਰੋਸਾ ਮਜ਼ਬੂਤ ਹੁੰਦਾ ਹੈ ਤੇ ਇਲਾਕੇ ਦੀ ਤਰੱਕੀ ਸੰਭਵ ਬਣਦੀ ਹੈ। ਕੈਬਨਿਟ ਮੰਤਰੀ ਨੇ ਕੁੱਝ ਚੱਲ ਰਹੇ ਕੰਮਾਂ ਦੀ ਮੌਕੇ ’ਤੇ ਜਾਂਚ ਵੀ ਕੀਤੀ ਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦੇ ਹੋਏ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਬਜ਼ੀ ਕਾਸ਼ਤਕਾਰਾਂ ਦੇ ਬਰਸਾਤ ਕਾਰਨ ਹੋਏ ਨੁਕਸਾਨ ਬਾਬਤ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਗਏ ਹਨ ਤੇ ਹਰ ਕਿਸਾਨ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤੇ ਸਬਜ਼ੀਆਂ ਦੇ ਹੋਏ ਨੁਕਸਾਨ ਸਬੰਧੀ ਵੀ ਵਿਸ਼ੇਸ਼ ਗਿਰਦਾਵਰੀ ਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਧਰਤੀ ਯੋਧਿਆਂ, ਸੰਘਰਸ਼ੀਆਂ ਤੇ ਸ਼ਹੀਦਾਂ ਦੀ ਧਰਤੀ ਹੈ ਤੇ ਇਸ ਧਰਤੀ ਸਬੰਧੀ ਕਿਸੇ ਵੱਲੋਂ ਵੀ ਬੋਲਿਆ ਕੋਈ ਵੀ ਅਪਮਾਨਜਨਕ ਸ਼ਬਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ।