ਉਦਯੋਗਪਤੀਆਂ ਨੇ ਮੰਤਰੀ ਅਮਨ ਅਰੋੜਾ ਨੂੰ ਕੀਤਾ ਸਨਮਾਨਿਤ ਸੁਨਾਮ ਵਿਖੇ ਉਦਯੋਗਪਤੀਆਂ ਵੱਲੋਂ ਮੰਤਰੀ ਅਮਨ ਅਰੋੜਾ ਸਨਮਾਨਿਤ
Publish Date: Tue, 30 Jun 2026 04:23 PM (IST)
Updated Date: Wed, 01 Jul 2026 04:02 AM (IST)
ਉਦਯੋਗਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਕਰਨ ਦਾ ਦਿੱਤਾ ਭਰੋਸਾ ਮੰਗਲਵਾਰ ਨੂੰ ਚੰਡੀਗੜ੍ਹ ਚ, ਸੱਦੀ ਮੀਟਿੰਗ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ ਦਿ ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਇੱਕ ਵਿਸ਼ੇਸ਼ ਜਨਰਲ ਹਾਊਸ ਮੀਟਿੰਗ ਦਾ ਆਯੋਜਨ ਸੁਨਾਮ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਦਯੋਗ ਅਤੇ ਵਣਜ ਵਿਭਾਗ ਵਿੱਚ ਨਿਯੁਕਤੀ ਤੋਂ ਬਾਅਦ ਚੈਂਬਰ ਦੇ ਅਹੁਦੇਦਾਰਾਂ ਅਤੇ ਸਥਾਨਕ ਵਪਾਰਕ ਭਾਈਚਾਰੇ ਨੇ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ। ਮੰਤਰੀ ਅਮਨ ਅਰੋੜਾ ਨੇ ਇਸ ਸਨਮਾਨ ਲਈ ਸਮੁੱਚੇ ਉਦਯੋਗਪਤੀ ਅਤੇ ਵਪਾਰਕ ਭਾਈਚਾਰੇ ਦਾ ਦਿਲੋਂ ਧੰਨਵਾਦ ਕੀਤਾ। ਮੀਟਿੰਗ ਦੌਰਾਨ, ਪੰਜਾਬ ਵਿੱਚ ਉਦਯੋਗ ਅਤੇ ਵਪਾਰ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੇ ਨਾਲ-ਨਾਲ ਵਪਾਰੀਆਂ ਨੂੰ ਦਰਪੇਸ਼ ਵਿਹਾਰਕ ਚੁਣੌਤੀਆਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਯੋਗਪਤੀਆਂ ਨੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕੀਮਤੀ ਸੁਝਾਅ ਵੀ ਸਾਂਝੇ ਕੀਤੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਦਯੋਗਾਂ ਨੂੰ ਦਰਪੇਸ਼ ਮੁੱਦਿਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਪੱਕਾ ਭਰੋਸਾ ਦਿੱਤਾ ਕਿ ਉਦਯੋਗਪਤੀਆਂ ਨੂੰ ਦਰਪੇਸ਼ ਹਰ ਸਮੱਸਿਆ ਭਾਵੇਂ ਛੋਟੀ ਹੋਵੇ ਜਾਂ ਵੱਡੀ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਮੰਤਰੀ ਅਮਨ ਅਰੋੜਾ ਨੇ ਇੰਡਸਟਰੀਅਲ ਚੈਂਬਰ ਦੇ ਅਹੁਦੇਦਾਰਾਂ ਨੂੰ ਮੰਗਲਵਾਰ ਨੂੰ ਚੰਡੀਗੜ੍ਹ ਆਉਣ ਲਈ ਕਿਹਾ, ਉਨ੍ਹਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਉੱਥੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਬੁਲਾਉਣ ਦਾ ਵਾਅਦਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਅਤੇ ਵਪਾਰਕ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਸੂਬੇ ਵਿੱਚ ਕਾਰੋਬਾਰ ਲਈ ਇੱਕ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਬਣਾਉਣਾ ਹੈ ਤਾਂ ਜੋ ਮੁੱਦਿਆਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰੀਆਂ ਦੀ ਖੁਸ਼ਹਾਲੀ ਪੰਜਾਬ ਦੀ ਭਲਾਈ ਦੀ ਅਸਲ ਨੀਂਹ ਹੈ, ਸੂਬਾ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਸੂਦ, ਚੇਅਰਮੈਨ ਡਾ. ਏਆਰ ਸ਼ਰਮਾ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਘਣਸ਼ਿਆਮ ਕਾਂਸਲ, ਐਮਪੀ ਸਿੰਘ, ਰਾਜੀਵ ਮੱਖਣ, ਭਾਰਤ ਭੂਸ਼ਣ ਗਰਗ, ਸੁਰਜੀਤ ਸਿੰਘ ਗਹੀਰ ਅਤੇ ਸੰਦੀਪ ਮੋਨੂੰ ਮੌਜੂਦ ਸਨ।