ਮੰਤਰੀ ਅਮਨ ਅਰੋੜਾ ਨੇ ਸੁਖਬੀਰ ਬਾਦਲ ਤੇ ਕਸਿਆ ਤੰਜ ਮੰਤਰੀ ਅਮਨ ਅਰੋੜਾ ਨੇ ਸੁਖਬੀਰ ਬਾਦਲ ਤੇ ਕਸਿਆ ਤੰਜ
Publish Date: Mon, 20 Jul 2026 06:29 PM (IST)
Updated Date: Tue, 21 Jul 2026 04:04 AM (IST)
ਚੋਰ ਦੀ ਦਾੜ੍ਹੀ ’ਚ ਤਿਣਕਾ, ਜੇ ਕਸੂਰ ਨਹੀਂ ਤਾਂ ਡਰ ਕਾਹਦਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਦੋ ਦਹਾਕਿਆਂ ਤੋਂ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਐਸਆਈਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ਤੇ ਤੰਜ ਕਸਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਚੋਰ ਦੀ ਦਾੜ੍ਹੀ ਵਿੱਚ ਤਿਣਕਾ, ਜੇਕਰ ਕੋਈ ਕਸੂਰ ਨਹੀਂ ਤਾਂ ਫਿਰ ਡਰ ਕਾਹਦਾ ਹੈ ? ਸੋਮਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਕਾਲੀ ਦਲ ਅਤੇ ਵਿਰੋਧੀ ਧਿਰ ਤੇ ਤਿੱਖਾ ਸ਼ਬਦੀ ਵਾਰ ਕਰਦਿਆਂ ਆਖਿਆ ਕਿ ਜੇਕਰ ਕਿਸੇ ਨੇ ਕੁੱਝ ਵੀ ਗਲਤ ਨਹੀਂ ਕੀਤਾ ਤਾਂ ਜਾਂਚ ਤੋਂ ਕਿਉਂ ਡਰਨਾ ਚਾਹੀਦਾ ਹੈ। ਕਾਨੂੰਨ ਨਿਰਪੱਖਤਾ ਨਾਲ ਆਪਣਾ ਕੰਮ ਕਰੇਗਾ। ਉਕਤ ਮਾਮਲੇ ਵਿੱਚ ਵਿਰੋਧੀ ਧਿਰਾਂ ਦੇ ਆਗੂਆਂ ਵੱਲੋਂ ਦਿੱਤੇ ਗਏ ਘਬਰਾਹਟ ਭਰੇ ਬਿਆਨਾਂ ਤੇ ਚੁਟਕੀ ਲੈਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਤਾਂ ਉਹ ਗੱਲ ਹੋਈ ਕਿ ਚੋਰ ਦੀ ਦਾੜ੍ਹੀ ਵਿੱਚ ਤਿਣਕਾ, ਜਦੋਂ ਨਾ ਤਾਂ ਸਰਕਾਰ ਅਤੇ ਨਾ ਹੀ ਪੁਲਿਸ ਪ੍ਰਸ਼ਾਸਨ ਨੇ ਕਿਸੇ ਗ੍ਰਿਫ਼ਤਾਰੀ ਦਾ ਐਲਾਨ ਕੀਤਾ ਹੈ, ਤਾਂ ਵਿਰੋਧੀ ਧਿਰ ਕਿਸ ਗੱਲ ਤੋਂ ਇੰਨੀ ਡਰਦੀ ਹੈ ? ਵਿਰੋਧੀਆਂ ਤੇ ਹਮਲਾਵਰ ਰੁਖ਼ ਅਪਣਾਉਂਦੇ ਹੋਏ, ਅਰੋੜਾ ਨੇ ਕਿਹਾ ਕਿ ਜੇਕਰ ਵਿਰੋਧੀ ਆਗੂ ਆਪਣੇ ਪਿਛਲੇ ਮਾੜੇ ਕੰਮਾਂ ਦੇ ਡਰ ਤੋਂ ਦੁਖੀ ਹਨ ਅਤੇ ਉਨ੍ਹਾਂ ਦੇ ਅੰਦਰੂਨੀ ਪਾਪਾਂ ਕਾਰਨ ਉਨ੍ਹਾਂ ਨੂੰ ਫੜੇ ਜਾਣ ਤੋਂ ਡਰਦੇ ਹਨ, ਤਾਂ ਦੁਨੀਆਂ ਵਿੱਚ ਕਿਤੇ ਵੀ ਅਜਿਹੇ ਡਰ ਦਾ ਕੋਈ ਇਲਾਜ ਨਹੀਂ ਹੈ। ਸੂਬੇ ਵਿੱਚ ਕਾਨੂੰਨ ਦਾ ਰਾਜ, ਕਿਸੇ ਪ੍ਰਤੀ ਕੋਈ ਪੱਖਪਾਤ ਨਹੀਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਹੈ। ਜੇਕਰ ਕਿਸੇ ਨੇ ਕੋਈ ਗਲਤੀ ਕੀਤੀ ਹੈ, ਤਾਂ ਪੁਲਿਸ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ। ਹਾਲਾਂਕਿ, ਉਨ੍ਹਾਂ ਅੱਗੇ ਕਿਹਾ ਕਿ ਜਿਸ ਕਿਸੇ ਨੇ ਵੀ ਕੁੱਝ ਗਲਤ ਨਹੀਂ ਕੀਤਾ , ਉਸਨੂੰ ਥੋੜ੍ਹੀ ਜਿਹੀ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ; ਉਹ ਪੂਰੀ ਤਰ੍ਹਾਂ ਸੁਰੱਖਿਅਤ ਹੈ।