ਮੰਤਰੀ ਅਮਨ ਅਰੋੜਾ ਦਾ ਕਾਂਗਰਸੀਆਂ ਤੇ ਤਨਜ਼ ਮੰਤਰੀ ਅਮਨ ਅਰੋੜਾ ਦਾ ਕਾਂਗਰਸੀਆਂ ਤੇ ਤੰਜ
Publish Date: Wed, 28 Oct 2026 06:23 PM (IST)
Updated Date: Wed, 28 Oct 2026 06:25 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂਆਂ ਕੇਸੀ ਵੇਣੂਗੋਪਾਲ ਅਤੇ ਰਾਹੁਲ ਗਾਂਧੀ ਦੇ ਪੰਜਾਬ ਦੌਰਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਸਿਆਸੀ ਪਾਰਟੀ ਨੂੰ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣ ਦਾ ਹੱਕ ਹੈ ਅਤੇ ਪੰਜਾਬ ਆਉਣ ਵਾਲੇ ਆਗੂਆਂ ਦਾ ਸਵਾਗਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੂੰ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਮੰਤਰੀ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕਕੇ ਕੀਤੇ ਵਾਅਦੇ ਪੂਰੇ ਨਾ ਕਰਕੇ ਪੰਜਾਬੀਆਂ ਦੇ ਭਰੋਸੇ ਨੂੰ ਠੇਸ ਪਹੁੰਚਾਈ ਸੀ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸੀ ਆਗੂ ਲੋਕਾਂ ਵਿੱਚ ਜਾਣਗੇ ਤਾਂ ਉਨ੍ਹਾਂ ਨੂੰ ਇਨ੍ਹਾਂ ਅਧੂਰੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ। ਰਾਹੁਲ ਗਾਂਧੀ ਦੀ ਪ੍ਰਸਤਾਵਿਤ ਰੈਲੀ ਬਾਰੇ ਤੰਜ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਦਾ ਸਿਆਸੀ ਲਾਭ ਅਕਸਰ ਵਿਰੋਧੀ ਪਾਰਟੀਆਂ ਨੂੰ ਮਿਲਦਾ ਹੈ। ਉਨ੍ਹਾਂ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਲੋਕਾਂ ਦੇ ਮੁੱਦਿਆਂ ਦੀ ਬਜਾਏ ਆਪਸੀ ਧੜੇਬੰਦੀ ਵਿੱਚ ਉਲਝੀ ਹੋਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਨੂੰ ਹੋਰ ਸਿਆਸੀ ਝਟਕੇ ਲੱਗ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਦੋਵੇਂ ਪਾਰਟੀਆਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਬਲਬੂਤੇ ਚੋਣ ਲੜਨ ਦੇ ਦਾਅਵੇ ਕਰ ਰਹੀਆਂ ਸਨ, ਜਦਕਿ ਹੁਣ ਉਨ੍ਹਾਂ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਉਨ੍ਹਾਂ ਇਸ ਨੂੰ ਸਿਆਸੀ ਮੌਕਾਪ੍ਰਸਤੀ ਕਰਾਰ ਦਿੱਤਾ। ਮਾਨਸਾ ਜ਼ਿਲ੍ਹੇ ਦੀ ਦੁਖਦਾਈ ਘਟਨਾ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੀ ਮੌਤ ਸਮੁੱਚੇ ਸਮਾਜ ਲਈ ਦੁੱਖ ਦਾ ਵਿਸ਼ਾ ਹੈ ਅਤੇ ਅਜਿਹੇ ਸੰਵੇਦਨਸ਼ੀਲ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਇਸ ਮਾਮਲੇ ਤੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਇਸ ਦੀ ਨਿੰਦਾ ਕੀਤੀ।