ਮੰਤਰੀ ਬਰਿੰਦਰ ਗੋਇਲ ਨੇ ਘੱਗਰ ਦਰਿਆ ਦੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਮੰਤਰੀ ਬਰਿੰਦਰ ਗੋਇਲ ਨੇ ਘੱਗਰ ਦਰਿਆ ਦੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
Publish Date: Fri, 10 Apr 2026 04:40 PM (IST)
Updated Date: Sat, 11 Apr 2026 04:00 AM (IST)

ਕਿਨਾਰਿਆਂ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਨੇ 12.42 ਕਰੋੜ ਰੁਪਏ ਹਰਜੀਤ ਸਿੰਘ,ਪੰਜਾਬੀ ਜਾਗਰਣ, ਖਨੌਰੀ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ ਵਿਖੇ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 04 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਸੀ ਕਿ ਸਾਲ 2025 ਦੌਰਾਨ ਆਏ ਭਾਰੀ ਹੜ੍ਹਾਂ ਸਮੇਂ, ਜਦੋਂ ਘੱਗਰ ਦਰਿਆ ਲਗਾਤਾਰ ਕਰੀਬ 10 ਦਿਨ ਤੱਕ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਦਾ ਰਿਹਾ, ਤਦ ਵੀ ਇਲਾਕੇ ਦੇ ਵਸਨੀਕਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਸੁਰੱਖਿਅਤ ਰੱਖਣਾ ਅਤੇ ਕਿਸਾਨਾਂ ਦੀ ਫ਼ਸਲਾਂ ਦੀ ਰੱਖਿਆ ਕਰਨੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਧਰਤੀ ਯੋਧਿਆਂ, ਸੰਘਰਸ਼ੀਆਂ ਤੇ ਸ਼ਹੀਦਾਂ ਦੀ ਧਰਤੀ ਹੈ ਤੇ ਇਸ ਧਰਤੀ ਸਬੰਧੀ ਕਿਸੇ ਵੱਲੋਂ ਵੀ ਬੋਲਿਆ ਕੋਈ ਵੀ ਅਪਮਾਨਜਨਕ ਸ਼ਬਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਸਦਕਾ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਐੱਸਡੀਐਮ ਰਾਕੇਸ਼ ਪ੍ਰਕਾਸ਼, ਐਕਸੀਅਨ ਬੂਟਾ ਸਿੰਘ, ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਵਿਸ਼ਾਲ ਕਾਂਸਲ ਯੂਥ ਆਗੂ, ਮਹਿੰਦਰ ਸਿੰਘ ਕੋਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਰਿੰਕੂ ਕੋਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛਤਰ ਰਾਓ ਐਮਸੀ., ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਮਾਨ ਸਿੰਘ ਹਾਂਡਾ, ਮੁਕੰਦ ਸੈਣੀ, ਸੁਖੀ ਰਾਮਪੁਰਾ, ਭੀਮ ਗੀਰ ਮਕਰੌੜ ਸਾਹਿਬ, ਮਦਨ ਸਿੰਘ ਮਕਰੌੜ ਸਾਹਿਬ, ਪ੍ਰੇਮ ਕੋਹਲੀ ਮਕਰੌੜ ਸਾਹਿਬ ਹਾਜ਼ਰ ਸਨ।