- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਗੋਇਲ ਨੇ ਛੇ ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਛੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਆਪਣੇ ਕਾਰਜ ਖੇਤਰ ਵਿੱਚ ਪੂਰੀ ਲਗਨ, ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਪਿੰਡ ਪੱਧਰ ’ਤੇ ਬੱਚਿਆਂ ਦੀ ਮੁੱਢਲੀ ਦੇਖਭਾਲ, ਪੋਸ਼ਣ ਤੇ ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਦਾ ਅਹਿਮ ਆਧਾਰ ਹਨ। ਇਨ੍ਹਾਂ ਕੇਂਦਰਾਂ ਰਾਹੀਂ ਮਿਲਦੀਆਂ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ। ਗੋਇਲ ਨੇ ਕਿਹਾ ਕਿ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਾਫ਼-ਸਫ਼ਾਈ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵੀ ਆਂਗਣਵਾੜੀ ਵਰਕਰਾਂ ਦਾ ਯੋਗਦਾਨ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਿਹਤ ਵਿਭਾਗ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਰੱਖਦਿਆਂ ਯੋਗ ਲਾਭਪਾਤਰੀਆਂ ਨੂੰ ਵਿਭਾਗੀ ਸੇਵਾਵਾਂ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕਰਨ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਵਰਕਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸਮਝਣ, ਵਿਭਾਗੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੇਂਦਰਾਂ ਦਾ ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਆਪਣੇ ਪਿੰਡਾਂ ਵਿੱਚ ਬੱਚਿਆਂ ਤੇ ਮਾਵਾਂ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ ਅਤੇ ਲੋਕਾਂ ਦੇ ਭਰੋਸੇ ’ਤੇ ਖਰਾ ਉਤਰਨਗੀਆਂ।