- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਦ ਘੁਟਾਲਿਆਂ ਕਾਰਨ ਮੰਤਰੀ ਖੁੱਡੀਆਂ ਦੀ ਟਿਕਟ ਕੱਟੀ : ਬਹਿਰੂ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਅੱਧੇ ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦਰਮਿਆਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਲੰਬੀ ਹਲਕੇ ਤੋਂ ਟਿਕਟ ਕੱਟੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਸ਼ਾਇਦ ਪੰਜਾਬ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਖੇਤੀ ਪ੍ਰਧਾਨ ਸੂਬੇ ਦੇ ਖੇਤੀਬਾੜੀ ਮੰਤਰੀ ਦੀ ਹੀ ਟਿਕਟ ਕੱਟ ਦਿੱਤੀ ਗਈ ਹੋਵੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ’ਚ ਲੰਬੀ ਦੇ ਵੋਟਰਾਂ ਨੇ ਵੱਡੇ ਸਿਆਸੀ ਕੱਦ ਵਾਲੇ ਬਾਦਲ ਪਰਿਵਾਰ ਦੇ ਆਗੂ ਨੂੰ ਹਰਾ ਕੇ ਸਧਾਰਨ ਪਰਿਵਾਰ ਨਾਲ ਸਬੰਧਤ ਗੁਰਮੀਤ ਸਿੰਘ ਖੁੱਡੀਆਂ ਨੂੰ ਜਿਤਾਇਆ ਸੀ, ਪਰ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰ ਸਕੇ। ਬਹਿਰੂ ਨੇ ਦੋਸ਼ ਲਾਇਆ ਕਿ ਪੰਜਾਬ ’ਚ ਘਟੀਆ ਡੀਏਪੀ ਖਾਦ ਦੀ ਸਪਲਾਈ ਦੇ ਦੋ ਵੱਡੇ ਮਾਮਲਿਆਂ ਕਾਰਨ ਸਰਕਾਰ ਦੀ ਕਾਫ਼ੀ ਬਦਨਾਮੀ ਹੋਈ। ਉਨ੍ਹਾਂ ਅਨੁਸਾਰ ਦੋ ਕੰਪਨੀਆਂ ਵੱਲੋਂ ਤਿਆਰ ਕੀਤੀ ਗਈ ਹਜ਼ਾਰਾਂ ਮੀਟ੍ਰਿਕ ਟਨ ਸਬ-ਸਟੈਂਡਰਡ ਡੀਏਪੀ ਮਾਰਕਫੈੱਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਹਿਕਾਰੀ ਸੁਸਾਇਟੀਆਂ ’ਚ ਸਪਲਾਈ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਰਿਪੋਰਟ ਵਿੱਚ ਖਾਦ ਦੀ ਗੁਣਵੱਤਾ ਸਬੰਧੀ ਗੰਭੀਰ ਤੱਥ ਸਾਹਮਣੇ ਆਏ ਸਨ, ਪਰ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਜਥੇਬੰਦੀ ਵੱਲੋਂ ਹਾਈ ਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਬਹਿਰੂ ਨੇ ਕਿਹਾ ਕਿ ਖਾਦ ਘੁਟਾਲਿਆਂ ਕਾਰਨ ਹੋਈ ਬਦਨਾਮੀ ਹੀ ਖੁੱਡੀਆਂ ਦੀ ਟਿਕਟ ਕੱਟੇ ਜਾਣ ਦਾ ਇੱਕ ਵੱਡਾ ਕਾਰਨ ਹੋ ਸਕਦੀ ਹੈ।