- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਦਾ ਮੁੱਦਾ ਹੁਣ ਸੰਸਦ ਵਿੱਚ ਗੂੰਜੇਗਾ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕੰਟਰੈਕਟ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਮੁੱਦਾ ਹੁਣ ਸੰਸਦ ਵਿਚ ਵੀ ਉਠਾਇਆ ਜਾਵੇਗਾ। ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਅਧਿਆਪਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਸੰਸਦ ਵਿਚ ਉਠਾਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣਗੇ। ਡਾ. ਧਰਮਵੀਰ ਗਾਂਧੀ ਨੂੰ ਇਹ ਮੰਗ ਪੱਤਰ ਯੂਨੀਵਰਸਿਟੀ ਕਾਲਜ ਮੀਰਾਪੁਰ ਵਿਖੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਸੌਂਪਿਆ ਗਿਆ। ਇਸ ਮੌਕੇ ਨੁਮਾਇੰਦਿਆਂ ਨੇ ਕੰਟਰੈਕਟ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ, ਤਨਖ਼ਾਹੀ ਅਸਮਾਨਤਾ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਮੰਗ ਪੱਤਰ ਵਿਚ ਮੁੱਖ ਤੌਰ ’ਤੇ ਯੂਜੀਸੀ ਰੈਗੂਲੇਸ਼ਨ 2018 ਦੀ ਧਾਰਾ 13 ਅਨੁਸਾਰ ਕੰਟਰੈਕਟ ਅਧਿਆਪਕਾਂ ਨੂੰ ਨਿਯਮਤ ਸਹਾਇਕ ਪ੍ਰੋਫੈਸਰਾਂ ਦੇ ਬਰਾਬਰ ਤਨਖ਼ਾਹੀ ਲਾਭ ਦੇਣ ਅਤੇ ਰਾਜਨ ਗੋਇਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕ ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਦੀ ਸਿੱਖਿਆ ਪ੍ਰਣਾਲੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਸਿਰਫ਼ ਨਾਅਰਿਆਂ ਨਾਲ ਨਹੀਂ, ਸਗੋਂ ਅਧਿਆਪਕਾਂ ਦੇ ਸਨਮਾਨ, ਹੱਕਾਂ ਤੇ ਨਿਆਂ ਨੂੰ ਯਕੀਨੀ ਬਣਾਉਣ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਰਾਜਨ ਗੋਇਲ ਮਾਮਲੇ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਇਨ-ਬਿਨ ਲਾਗੂ ਕਰਵਾਉਣ ਲਈ ਐਸੋਸੀਏਸ਼ਨ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੇ ਬਣਦੇ ਹੱਕਾਂ ਦੀ ਪ੍ਰਾਪਤੀ ਤੱਕ ਇਹ ਮੁੱਦਾ ਯੂਨੀਵਰਸਿਟੀ ਤੋਂ ਲੈ ਕੇ ਪੰਜਾਬ ਸਰਕਾਰ ਅਤੇ ਸੰਸਦ ਤੱਕ ਲਗਾਤਾਰ ਉਠਾਇਆ ਜਾਵੇਗਾ। ਇਸ ਮੌਕੇ ਡਾ. ਲਵਦੀਪ ਸ਼ਰਮਾ, ਡਾ. ਗੁਰਦੇਵ ਸਿੰਘ, ਡਾ. ਰਾਕੇਸ਼ ਕੁਮਾਰ, ਡਾ. ਰਜਨੀ ਜੁਨੇਜਾ, ਡਾ. ਹਰਜੀਤ ਕੌਰ, ਡਾ. ਤੇਜਿੰਦਰ ਪਾਲ ਸਿੰਘ, ਡਾ. ਨਰੇਸ਼ ਬਾਤਿਸ਼, ਗੁਰਜੀਤ ਕੌਰ ਸਮੇਤ ਐਸੋਸੀਏਸ਼ਨ ਦੇ ਹੋਰ ਨੁਮਾਇੰਦੇ ਮੌਜੂਦ ਸਨ।