
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਦੁਆਰਾ ਕਰਹਾਲੀ ਸਾਹਿਬ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਸਜਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਪੂਰੇ ਜਾਹੋ-ਜਲਾਲ ਤੇ ਪੰਥਕ ਰਵਾਇਤਾਂ ਨਾਲ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲ ਰਵਾਨਾ ਹੋਇਆ। ਮਾਰਚ ਦੀ ਆਰੰਭਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਮੁਖਵਾਕ ਅਤੇ ਕਥਾ ਵਿਚਾਰਾਂ ਉਪਰੰਤ ਹੋਈ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਜਥੇਦਾਰ ਗੜ੍ਹਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੰਤਵ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨਾ ਤੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਮੁੱਚੇ ਸਮਾਜ ਨੂੰ ਇਕਜੁੱਟ ਹੋ ਕੇ ਲਾਮਬੰਦ ਹੋਣਾ ਪਵੇਗਾ। ਨੇਪਾਲ ਵਿਚ ਕੁਦਰਤੀ ਆਫ਼ਤ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਮੈਂਬਰਾਂ ਅਤੇ ਅਧਿਕਾਰੀਆਂ ਦਾ ਵਫ਼ਦ ਨੇਪਾਲ ਭੇਜ ਕੇ ਹਰ ਸੰਭਵ ਸਹਾਇਤਾ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸਮੁੱਚੀ ਲੋਕਾਈ ਨੂੰ ਧਰਮ ਦੇ ਪ੍ਰਚਾਰ-ਪ੍ਰਸਾਰ ਨਾਲ ਜੋੜਨਾ ਹੈ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸਕੂਲੀ ਬੱਚਿਆਂ ਨੇ ਵੀ ਮਾਰਚ ਵਿਚ ਸ਼ਮੂਲੀਅਤ ਕੀਤੀ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।