ਭਾਜਪਾ ਦੇ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਦੇ ਮਨਸੂਬੇ ਕਦੇ ਪੂਰੇ ਨਹੀ ਹੋਣਗੇ:ਨੀਨਾ ਮਿੱਤਲ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਵਿਚ ਅੱਜ ਟਾਹਲੀ ਵਾਲਾ ਚੌਂਕ ਵਿਚਕਾਰ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਉਹਨਾਂ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਵਿਰੋਧ ਵਿਚ ਕੀਤਾ ਗਿਆ, ਜਿਸ ਨਾਲ ਸਿਆਸੀ ਮਾਹੌਲ ਕਾਫੀ ਗਰਮਾ ਗਿਆ। ਪ੍ਰਦਰਸ਼ਨ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਸਾੜੇ ਗਏ ਅਤੇ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਰਟੀ ਨਾਲ ਬੇਵਫਾਈ ਕੀਤੀ ਹੈ, ਉਹਨਾਂ ਨੂੰ ਪੰਜਾਬ ਦੇ ਲੋਕ ਕਦੇ ਮਾਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਦਮ ਸਿਰਫ਼ ਨਿੱਜੀ ਲਾਭ ਲਈ ਚੁੱਕਿਆ ਗਿਆ ਹੈ ਅਤੇ ਇਸ ਨਾਲ ਲੋਕਾਂ ਦੇ ਭਰੋਸੇ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਭਾਜਪਾ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਰੋਧੀ ਸੋਚ ਰੱਖਦੀ ਹੈ ਅਤੇ ਇਸ ਦੇ ਮਨਸੂਬੇ ਕਦੇ ਵੀ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਦਲੀਲ ਦਿੱਤੀ ਕਿ ਭਾਜਪਾ ਦੀਆਂ ਨੀਤੀਆਂ ਨੇ ਪਹਿਲਾਂ ਹੀ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ, ਜੋ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੇ ਹਨ। ਉਨ੍ਹਾਂ ਨੇ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ,60 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ,ਕਿਸਾਨਾਂ ਲਈ ਨਹਿਰੀ ਪਾਣੀ,ਖੇਡ ਗਰਾਊਂਡਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਵਰਗੇ ਇਤਿਹਾਸਕ ਕਦਮ ਚੁੱਕੇ ਹਨ। ਵਿਧਾਇਕਾ ਨੀਨਾ ਮਿੱਤਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੱਚ ਅਤੇ ਵਿਕਾਸ ਦੀ ਰਾਜਨੀਤੀ ਦਾ ਸਾਥ ਦੇਣ ਅਤੇ ਵਿਰੋਧੀਆਂ ਦੀਆਂ ਗੁੰਮਰਾਹ ਕਰਨ ਵਾਲੀਆਂ ਨੀਤੀਆਂ ਤੋਂ ਸਾਵਧਾਨ ਰਹਿਣ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਿਰ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਹਮੇਸ਼ਾਂ ਖੜ੍ਹੇ ਰਹਿਣਗੇ।ਉਨਾ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ ’ਤੇ ਖਰੀ ਉਤਰਦੀ ਰਹੇਗੀ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਮੌਜੂਦ ਸਨ।