
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਇਕ ਨੀਨਾ ਮਿੱਤਲ ਨੇ ਪੇਂਡੂ ਖੇਡ ਮੈਦਾਨ ਲੋਕ ਅਰਪਣ ਕੀਤੇ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ‘ਖੇਡ ਕ੍ਰਾਂਤੀ’ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ 500 ਪੇਂਡੂ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਹਲਕਾ ਰਾਜਪੁਰਾ ਦੇ ਪਿੰਡ ਭਟੇੜੀ ਤੇ ਕੋਟਲਾ ਵਿਖੇ ਤਿਆਰ ਕੀਤੇ ਗਏ ਪੇਂਡੂ ਖੇਡ ਮੈਦਾਨ ਲੋਕ ਅਰਪਣ ਕੀਤੇ ਗਏ। ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਕੀਤਾ ਗਿਆ। ਇਸ ਮੌਕੇ ਸਪੋਰਟਸ ਕਲੱਬ ਦੇ ਚੇਅਰਮੈਨ ਰਾਜੇਸ਼ ਬਾਵਾ, ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਵਾਈਸ ਪ੍ਰਧਾਨ ਜਸਪ੍ਰੀਤ ਸਿੰਘ, ਜੁਆਇੰਟ ਜਨਰਲ ਸਕੱਤਰ ਸਵਰਨਦੀਪ ਸਿੰਘ ਸਮੇਤ ਯੂਥ ਵਿੰਗ ਦੀ ਪੂਰੀ ਟੀਮ ਮੌਜੂਦ ਰਹੀ। ਇਸ ਮੌਕੇ ਵਿਧਾਇਕਾਂ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਮੁਹੱਈਆ ਕਰਵਾਉਣਾ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਯੂਥ ਟੀਮ ਵੱਲੋਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡ ਮੈਦਾਨਾਂ ਦੀ ਉਪਲਬਧਤਾ ਨਾਲ ਖੇਡਾਂ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਦੇ ਨੌਜਵਾਨ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰਨ ਦੇ ਯੋਗ ਬਣਨਗੇ। ਇਸ ਦੌਰਾਨ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ।