
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਕਾਸ ਕਾਰਜਾਂ ਦਾ ਵਿਧਾਇਕਾ ਨੀਨਾ ਮਿੱਤਲ ਨੇ ਲਿਆ ਜਾਇਜ਼ਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਜਾ ਰਹੀ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਦੇ ਬੁਨਿਆਦੀ ਢਾਂਚੇ ਤੇ ਵਿਦਿਅਕ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲ ਦੇਣ ਕਾਰਨ ਸਰਕਾਰੀ ਸਕੂਲਾਂ ਵਿਚ ਮਿਸਾਲੀ ਸੁਧਾਰ ਹੋਏ ਹਨ। ਸਰਕਾਰੀ ਗ੍ਰਾਂਟਾਂ ਰਾਹੀਂ ਵਾਧੂ ਕਲਾਸਰੂਮ, ਚਾਰਦੀਵਾਰੀਆਂ, ਪਖਾਨੇ, ਸਾਇੰਸ ਅਤੇ ਕੰਪਿਊਟਰ ਲੈਬਾਂ, ਲਾਇਬ੍ਰੇਰੀਆਂ, ਸਮਾਜਿਕ ਸਿੱਖਿਆ ਲੈਬਾਂ ਅਤੇ ਪੀਣ ਵਾਲੇ ਪਾਣੀ ਸਮੇਤ ਆਧੁਨਿਕ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਪੜ੍ਹਾਈ ਸਬੰਧੀ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਿਡ-ਡੇ-ਮੀਲ ਵਰਕਰਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਸ਼ੇਸ਼ ਅਧਿਆਪਕਾਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵਿਸ਼ੇਸ਼ ਅਧਿਆਪਕਾਂ ਨੂੰ ਬੱਚਿਆਂ ਲਈ ਪ੍ਰੇਰਣਾਸਰੋਤ ਦੱਸਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਜੇ ਮੈਨਰੋ, ਸਚਿਨ ਮਿੱਤਲ, ਜਾਗਰ ਸਿੰਘ, ਰਾਜਿੰਦਰ ਸਿੰਘ ਚਾਨੀ, ਰਿੰਕੂ ਸਰਾਓ, ਪਿਆਰਾ ਸਿੰਘ, ਕੁਲਦੀਪ ਵਰਮਾ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ।