- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੇਰਪੁਰ ਨੂੰ ਨਮੂਨੇ ਦਾ ਕਸਬਾ ਨਹੀਂ ਬਣਾ ਸਕੇ ਵਿਧਾਇਕ ਪੰਡੋਰੀ : ਕਮਲਜੀਤ ਚੱਕ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਕਸਬਾ ਸ਼ੇਰਪੁਰ ਨੂੰ ਨਮੂਨੇ ਦਾ ਕਸਬਾ ਬਣਾਉਣ ਸਬੰਧੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਕਰਦਿਆਂ ਇਸ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਵਿਧਾਇਕ ਰਹਿਣ ਦੇ ਬਾਵਜੂਦ ਸ਼ੇਰਪੁਰ ਨੂੰ ਨਮੂਨੇ ਦਾ ਕਸਬਾ ਨਾ ਬਣਾ ਸਕਣਾ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਗਲੀਆਂ-ਨਾਲੀਆਂ ਦੇ ਕੰਮਾਂ ਨੂੰ ਅਸਲ ਵਿਕਾਸ ਨਹੀਂ ਮੰਨਦੀ ਸੀ, ਪਰ ਹੁਣ ਇਨ੍ਹਾਂ ਕੰਮਾਂ ਨੂੰ ਹੀ ਵਿਕਾਸ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਕਾਸ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਨਾਲ ਹੁੰਦਾ ਹੈ। ਉਨ੍ਹਾਂ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਸਹੂਲਤਾਂ, ਡਾਕਟਰਾਂ ਅਤੇ ਐਂਬੂਲੈਂਸ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ, ਲੈਕਚਰਾਰਾਂ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਸ ਤੋਂ ਇਲਾਵਾ ਨਸ਼ਿਆਂ ਦੀ ਸਮੱਸਿਆ, ਕਾਲਜ ਦੀ ਘਾਟ ਅਤੇ ਵੱਡੇ ਵਿਕਾਸ ਪ੍ਰਾਜੈਕਟਾਂ ਦੀ ਅਣਹੋਂਦ ਬਾਰੇ ਵੀ ਵਿਧਾਇਕ ਨੂੰ ਜਵਾਬ ਦੇਣਾ ਚਾਹੀਦਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਗਲੀਆਂ-ਨਾਲੀਆਂ ਦਾ ਨਿਰਮਾਣ ਬੁਨਿਆਦੀ ਸਹੂਲਤਾਂ ਦਾ ਹਿੱਸਾ ਹੈ, ਪਰ ਇਸ ਨੂੰ ਸਮੁੱਚਾ ਵਿਕਾਸ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਵਿਧਾਇਕ ਸ਼ੇਰਪੁਰ ਦੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਨਾਲ ਜੁੜੇ ਮੁੱਦਿਆਂ ’ਤੇ ਆਪਣਾ ਪੱਖ ਸਪੱਸ਼ਟ ਕਰਨ।