ਵਿਧਾਇਕ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਮਾਈਨਿੰਗ ਮਾਮਲੇ ’ਚ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Publish Date: Thu, 07 May 2026 03:20 PM (IST)
Updated Date: Thu, 07 May 2026 03:24 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਬੁੱਧਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਪਠਾਣਮਾਜਰਾ ਨੂੰ ਬਠਿੰਡਾ ਜੇਲ੍ਹ ਤੋਂ ਲਿਆ ਕੇ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਥਾਣਾ ਜੂਲਕਾ ਦੀ ਪੁਲਿਸ ਨੇ ਮਾਈਨਿੰਗ ਮਾਮਲੇ ਦੀ ਪੜਤਾਲ ਲਈ ਵਿਧਾਇਕ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਠਾਣਮਾਜਰਾ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ।
ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ 'ਤੇ ਪਟਿਆਲਾ ਜ਼ਿਲ੍ਹੇ ਦੇ ਥਾਣਾ ਜੂਲਕਾ ਵਿਖੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੈ। ਇਸ ਤੋਂ ਇਲਾਵਾ, ਉਹ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਖੇ ਦਰਜ ਸਰੀਰਕ ਸ਼ੋਸ਼ਣ ਦੇ ਗੰਭੀਰ ਮਾਮਲੇ ਵਿੱਚ ਨਾਮਜ਼ਦ ਹੋਣ ਕਾਰਨ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬਠਿੰਡਾ ਜੇਲ੍ਹ ਵਿੱਚ ਬੰਦ ਸਨ।
ਹੁਣ ਥਾਣਾ ਜੂਲਕਾ ਦੀ ਪੁਲਿਸ ਚਾਰ ਦਿਨਾਂ ਦੇ ਰਿਮਾਂਡ ਦੌਰਾਨ ਮਾਈਨਿੰਗ ਮਾਮਲੇ ਨਾਲ ਜੁੜੇ ਤੱਥਾਂ ਦੀ ਪੁੱਛਗਿੱਛ ਕਰੇਗੀ। ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ, ਕਿਉਂਕਿ ਸੱਤਾਧਾਰੀ ਪਾਰਟੀ ਦੇ ਵਿਧਾਇਕ 'ਤੇ ਇੱਕ ਤੋਂ ਬਾਅਦ ਇੱਕ ਕਾਨੂੰਨੀ ਸ਼ਿਕੰਜਾ ਕੱਸਦਾ ਜਾ ਰਿਹਾ ਹੈ।