ਮਨਰੇਗਾ ਮੁਲਾਜ਼ਮ 7 ਨੂੰ ਪੰਚਾਇਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ ਮਨਰੇਗਾ ਮੁਲਾਜ਼ਮ 7 ਨੂੰ ਪੰਚਾਇਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ
Publish Date: Wed, 01 Jul 2026 03:41 PM (IST)
Updated Date: Thu, 02 Jul 2026 04:02 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤ ਸਰਕਾਰ ਨੇ ਮਨਰੇਗਾ ਬੰਦ ਕਰਕੇ 1 ਜੁਲਾਈ ਤੋਂ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ ਤੇ ਦੂਸਰੇ ਪਾਸੇ ਪੂਰੇ ਪੰਜਾਬ ਵਿਚ ਮਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ 31ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਬਲਾਕ ਪ੍ਰਧਾਨ ਬਿੱਕਰ ਸਿੰਘ ਕਮਾਲਪੁਰ ਤੇ ਸਕੱਤਰ ਹਾਕਮ ਸਿੰਘ ਗੁੱਜਰਾਂ ਨੇ ਕਿਹਾ ਕਿ ਮਨਰੇਗਾ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ 18 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ਼ ਕੇ ਵਰਤਿਆ ਗਿਆ ਹੈ। ਹੁਣ ਤੱਕ ਸਾਨੂੰ ਸੂਬਾ ਸਰਕਾਰ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਆਖ ਕੇ ਪੱਲਾ ਛੁਡਾਉਂਦੀ ਰਹੀ ਹੈ। ਹਾਲਾਂਕਿ ਇਹ ਵੀ ਦੱਸਣਯੋਗ ਹੈ ਕਿ ਮਨਰੇਗਾ ਕਾਨੂੰਨ 2005 ਵਿੱਚ ਸਪਸ਼ਟ ਸ਼ਬਦਾਂ ਵਿੱਚ ਲਿਖਿਆ ਗਿਆ ਹੈ ਕਿ ਮਨਰੇਗਾ ਸਕੀਮ ਨੂੰ ਚਲਾਉਣ ਲਈ ਮੁਲਾਜ਼ਮ ਸੂਬਾ ਸਰਕਾਰ ਦੇ ਹੋਣਗੇ। ਉਨ੍ਹਾਂ ਕਿਹਾ ਕਿ ਵੀਬੀ ਜੀ ਰਾਮ ਜੀ ਕਾਨੂੰਨ ਬਣਾਉਣ ਸਮੇਂ ਵੀ ਮੁਲਾਜ਼ਮਾਂ ਦੇ ਹਿੱਤਾਂ ਦਾ ਕੋਈ ਖਿਆਲ ਨਹੀਂ ਰੱਖਿਆ ਗਿਆ।1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕਰਕੇ ਯੂਨੀਅਨ ਵੱਲੋਂ ਰੱਖੀਆਂ ਮੰਗਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਦੀਆਂ ਖ਼ਾਲੀ ਪਈਆਂ ਅਸਾਮੀਆਂ ਤੇ ਮਰਜ਼ ਕਰਨ ਲਈ ਅਗਲੀ ਮੀਟਿੰਗ 18 ਜੂਨ ਨੂੰ ਤੈਅ ਕਰੋ ਜਿਸ ਵਿੱਚ ਪੰਚਾਇਤ ਮੰਤਰੀ, ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀ, ਵਿੱਤ ਵਿਭਾਗ ਦੇ ਉੱਚ ਅਧਿਕਾਰੀ, ਪਰਸੋਨਲ ਵਿਭਾਗ ਦੇ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਬੈਠਣਗੇ। ਇਸ ਤੋਂ ਬਾਅਦ ਯੂਨੀਅਨ ਨੂੰ ਮੀਟਿੰਗ ਲਈ ਕੋਈ ਸੱਦਾ ਪੱਤਰ ਨਹੀਂ ਭੇਜਿਆ ਗਿਆ। ਯੂਨੀਅਨ ਦੇ ਸੰਪਰਕ ਕਰਨ ਤੇ ਪਤਾ ਲੱਗਿਆ ਕਿ ਵਿਭਾਗ ਵਿੱਚ ਕੋਈ ਹਿੱਲਜੁੱਲ ਹੀ ਨਹੀਂ ਹੈ। ਇਸਤੋਂ ਬਾਅਦ ਯੂਨੀਅਨ ਵੱਲੋਂ ਫ਼ੈਸਲਾ ਕਰਕੇ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ ਜਿਸ ਤੋਂ ਬਾਅਦ 2 ਜੁਲਾਈ ਨੂੰ ਪੈਨਲ ਮੀਟਿੰਗ ਤੈਅ ਹੋਈ ਹੈ। ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਜੇਕਰ ਮਨਰੇਗਾ ਮੁਲਾਜ਼ਮਾਂ ਦੇ ਰੁਜ਼ਗਾਰ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਜਿਸ ਤਹਿਤ 7 ਜੁਲਾਈ ਨੂੰ ਕਾਫ਼ਲੇ ਬੰਨ੍ਹ ਕੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੀ ਖੰਨਾ ਰਿਹਾਇਸ਼ ਦਾ ਘਿਰਾਓ ਕਰਨ ਲਈ ਪੁੱਜਣਗੇ। ਇਸ ਰਮਨਪ੍ਰੀਤ ਕੌਰ, ਰਣਧੀਰ ਸਿੰਘ, ਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਜਸ਼ਨਦੀਪ ਸਿੰਘ ਹਾਜ਼ਰ ਸਨ।