- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਡਲ ਸਕੂਲ ਦੇ ਐਨਸੀਸੀ ਕੈਡਿਟਾਂ ਨੇ ਦਿੱਤਾ ਸਵੱਛ ਭਾਰਤ ਦਾ ਸੁਨੇਹਾ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨਸੀਸੀ ਕੈਡਿਟਾਂ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸਵੱਛ ਭਾਰਤ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਵਿਚ ਸਵੱਛ ਭਾਰਤ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਵੇਰ ਦੀ ਸਭਾ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਦ੍ਰਿਸ਼ਟੀ, ਗੁਰਜੋਤ ਕੌਰ ਅਤੇ ਦਕਸ਼ ਪਾਠਕ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੋਵੇਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਵੱਡੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਕੂਲ ਦੀ ਸਫ਼ਾਈ ਕੀਤੀ ਗਈ ਅਤੇ ਸਾਫ਼-ਸੁਥਰੇ ਵਾਤਾਵਰਨ ਦਾ ਸੁਨੇਹਾ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਲਈ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਸਤਵੀਰ ਸਿੰਘ ਗਿੱਲ ਸਮੇਤ ਅਧਿਆਪਕ ਅਤੇ ਐਨਸੀਸੀ ਕੈਡਿਟ ਹਾਜ਼ਰ ਸਨ।