ਮਹਿੰਦਰਾ ਕਾਲਜ ਵਿਖੇ 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਮਨਾਇਆ ਮਹਿੰਦਰਾ ਕਾਲਜ ਪਟਿਆਲਾ ਵਿਖੇ 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਮਨਾਇਆ
Publish Date: Wed, 12 Aug 2026 05:30 PM (IST)
Updated Date: Wed, 12 Aug 2026 05:32 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨੌਜਵਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਦਿਹਾੜੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ, ਕਾਲਜ ਦੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋਫੈਸਰ ਰਮਨੀਤ ਕੌਰ ਵੱਲੋਂ ਇੱਕ ਪ੍ਰਭਾਵਸ਼ਾਲੀ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦਾ ਸਰਮਾਇਆ ਅਤੇ ਸਮਾਜਿਕ ਬਦਲਾਅ ਦੀ ਮੁੱਖ ਕੜੀ ਦੱਸਦਿਆਂ, ਅਜੋਕੇ ਸਮੇਂ ਚ ਨੌਜਵਾਨ ਸ਼ਕਤੀ ਦੀ ਸਹੀ ਵਰਤੋਂ ਤੇ ਜ਼ੋਰ ਦਿੱਤਾ। ਆਪਣੇ ਸੰਬੋਧਨ ਦੌਰਾਨ ਪ੍ਰੋ. ਰਮਨੀਤ ਕੌਰ ਨੇ ਨਸ਼ਿਆਂ ਦੀ ਲਾਹਨਤ, ਲਿੰਗ ਸੰਵੇਦਨਸ਼ੀਲਤਾ (ਜੈਂਡਰ ਸੈਂਸੀਟਾਈਜ਼ੇਸ਼ਨ) ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਚੁਣੌਤੀਆਂ ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜ਼ਬੂਤ ਸਿੱਖਿਆ ਅਤੇ ਉੱਚ ਹੁਨਰ (ਸਕਿੱਲਜ਼) ਹੀ ਇਨ੍ਹਾਂ ਸਮੱਸਿਆਵਾਂ ਦਾ ਸਹੀ ਹੱਲ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨੂੰ ਮਾਨਸਿਕ ਅਤੇ ਬੌਧਿਕ ਤੌਰ ਤੇ ਮਜ਼ਬੂਤ ਕਰਕੇ ਦੇਸ਼ ਅਤੇ ਸਮਾਜ ਦੀ ਸੇਵਾ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।ਕਾਲਜ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਰੈੱਡ ਰਿਬਨ ਕਲੱਬ ਨੂੰ ਇਹ ਪ੍ਰੋਗਰਾਮ ਉਲੀਕਣ ਉੱਤੇ ਮੁਬਾਰਕਬਾਦ ਦਿੱਤੀ। ਸਮਾਗਮ ਦੇ ਅੰਤ ਵਿਚ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵੱਲੋਂ ਸਾਰੇ ਹਾਜ਼ਰੀਨ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਗਿਆ।