- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਲਾਸਟਿਕ ਦੀ ਵਰਤੋਂ ਤੇ ਗੰਦਗੀ ਫੈਲਾਉਣ ਵਾਲਿਆਂ ਦੇ ਕੱਟੇ 30 ਤੋਂ ਵੱਧ ਚਲਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪਲਾਸਟਿਕ ਮੁਕਤ ਰੱਖਣ ਲਈ ਨਿਗਮ ਪਟਿਆਲਾ ਵੱਲੋਂ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ, ਖੁੱਲ੍ਹੇ ਵਿੱਚ ਕੂੜਾ ਸੁੱਟਣ ਅਤੇ ਦੁਕਾਨਾਂ ਦੇ ਬਾਹਰ ਡਸਟਬਿਨ ਨਾ ਰੱਖਣ ਵਾਲੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 30 ਤੋਂ ਵੱਧ ਚਲਾਨ ਕੱਟੇ ਗਏ। ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੇ ਬਾਜ਼ਾਰਾਂ ਤੇ ਮੁੱਖ ਸੜਕਾਂ ’ਤੇ ਅਚਨਚੇਤ ਜਾਂਚ ਕੀਤੀ। ਇਸ ਮੁਹਿੰਮ ’ਚ ਸੈਨੇਟਰੀ ਇੰਸਪੈਕਟਰ ਰਿਸ਼ਵ ਗੁਪਤਾ, ਮੋਹਿਤ ਜਿੰਦਲ, ਜਗਤਾਰ ਸਿੰਘ, ਹਰਵਿੰਦਰ ਸਿੰਘ ਅਤੇ ਰਾਜੇਸ਼ ਮੱਟੂ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਨਾਲ ਸੁਪਰਵਾਈਜ਼ਰ ਕੁਲਦੀਪ ਕੁਮਾਰ ਅਤੇ ਨਰਿੰਦਰ ਕੁਮਾਰ, ਸਫ਼ਾਈ ਦਰੋਗਾ ਨੇਤਰ ਅਤੇ ਦਰੋਗਾ ਮਨੀਸ਼ ਕੁਮਾਰ ਵੀ ਮੌਜੂਦ ਰਹੇ। ਟੀਮਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ ’ਤੇ ਚਲਾਨ ਕੀਤੇ ਅਤੇ ਪਾਬੰਦੀਸ਼ੁਦਾ ਪਲਾਸਟਿਕ ਵੀ ਜ਼ਬਤ ਕੀਤਾ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਵਾਤਾਵਰਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ, ਦੁਕਾਨਾਂ ਦੇ ਬਾਹਰ ਡਸਟਬਿਨ ਰੱਖਣ ਅਤੇ ਆਲੇ-ਦੁਆਲੇ ਗੰਦਗੀ ਨਾ ਫੈਲਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।