ਬਜ਼ੁਰਗ ਔਰਤ ਕੋਲੋਂ ਸੋਨੇ ਦੀਆਂ ਵਾਲ਼ੀਆਂ ਝਪਟੀਆਂ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਇਆ ਮੋਟਰਸਾਈਕਲ ਸਵਾਰ
Publish Date: Fri, 27 Nov 2026 06:00 PM (IST)
Updated Date: Fri, 27 Nov 2026 06:01 PM (IST)
ਫੋਟੋ 27ਪੀਟੀਐਲ: 21: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਸ਼ਹਿਰ ’ਚ ਝਪਟਮਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਦੁਪਹਿਰ ਕਰੀਬ ਪੌਣੇ ਇਕ ਵਜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਘਰ ਦੇ ਬਾਹਰ ਧੁੱਪ ਸੇਕ ਰਹੀ ਬਜ਼ੁਰਗ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲ਼ੀਆਂ ਝਪਟ ਕੇ ਫਰਾਰ ਹੋ ਗਿਆ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉੱਧਰ ਪੁਲਿਸ ਵੱਲੋਂ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਟਾਊਨ ਵਾਸੀ ਬਜ਼ੁਰਗ ਔਰਤ ਲਾਲੀ ਵੰਤੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਬਾਹਰ ਕੁਰਸੀ ’ਤੇ ਬੈਠ ਕੇ ਧੁੱਪ ਸੇਕ ਰਹੀ ਸੀ। ਇਸੇ ਦੌਰਾਨ ਪੱਗੜੀਧਾਰੀ ਇੱਕ ਨੌਜਵਾਨ ਮੋਟਰਸਾਈਕਲ ’ਤੇ ਉੱਥੇ ਆਇਆ, ਉਸ ਨੇ ਆਪਣੇ ਮੂੰਹ ’ਤੇ ਰੁਮਾਲ ਬੰਨ੍ਹਿਆ ਹੋਇਆ ਸੀ। ਮੁਲਜ਼ਮ ਨੇ ਮੋਟਰਸਾਈਕਲ ਇੱਕ ਪਾਸੇ ਖੜ੍ਹਾ ਕਰ ਦਿੱਤਾ ਅਤੇ ਮੋਬਾਈਲ ਫੋਨ ’ਤੇ ਗੱਲ ਕਰਨ ਦਾ ਨਾਟਕ ਕਰਦਿਆਂ ਆਲੇ-ਦੁਆਲੇ ਦੀ ਸਥਿਤੀ ਦਾ ਜਾਇਜ਼ਾ ਲੈਣ ਲੱਗਾ। ਜਦੋਂ ਉਸ ਨੂੰ ਲੱਗਾ ਕਿ ਆਸ-ਪਾਸ ਕੋਈ ਵਿਅਕਤੀ ਮੌਜੂਦ ਨਹੀਂ ਹੈ ਤਾਂ ਉਹ ਅਚਾਨਕ ਬਜ਼ੁਰਗ ਔਰਤ ਕੋਲ ਪਹੁੰਚਿਆ ਅਤੇ ਉਸ ਦੇ ਕੰਨਾਂ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਅਚਾਨਕ ਵਾਪਰੀ ਇਸ ਘਟਨਾ ਕਾਰਨ ਬਜ਼ੁਰਗ ਔਰਤ ਘਬਰਾ ਗਈ ਅਤੇ ਉਸ ਨੇ ਰੌਲਾ ਪਾਇਆ, ਪਰ ਉਦੋਂ ਤੱਕ ਮੁਲਜ਼ਮ ਫਰਾਰ ਹੋ ਚੁੱਕਾ ਸੀ। ਇਸ ਉਪਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ।