ਨਾਭਾ ਫਰਦ ਕੇਂਦਰ ਦੇ ਮੁਲਾਜ਼ਮਾਂ ਨੇ ਕੀਤਾ ਕੰਮ ਠੱਪ ਸੂਬਾ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਨਾਭਾ ਫਰਦ ਕੇਂਦਰ ਦੇ ਮੁਲਾਜ਼ਮਾਂ ਨੇ ਕੀਤਾ ਕੰਮ ਠੱਪ
Publish Date: Fri, 20 Nov 2026 06:25 PM (IST)
Updated Date: Fri, 20 Nov 2026 06:28 PM (IST)
ਫੋਟੋ 20ਪੀਟੀਐਲ: 30: ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਨਾਭਾ ਦੇ ਫਰਦ ਕੇਂਦਰ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾਟਾ ਆਪਰੇਟਰ ਪਰਮਿੰਦਰ ਕੁਮਾਰ, ਅੰਜੂ ਰਾਣਾ, ਖੁਸ਼ਪ੍ਰੀਤ ਸ਼ਰਮਾ ਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਲਗਾਤਾਰ ਮੀਟਿੰਗਾਂ ਤਾਂ ਕੀਤੀਆਂ ਜਾ ਰਹੀਆਂ ਹਨ ਪਰ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾ ਰਿਹਾ।ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਇਨਲਿਸਟਮੈਂਟ, ਆਊਟਸੋਰਸ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਕਾਮਿਆਂ ਨੂੰ ਵਿਭਾਗਾਂ ਅਧੀਨ ਲਿਆ ਕੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 23 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਸਥਾਈ ਹੱਲ ਨਾ ਨਿਕਲਿਆ ਤਾਂ 27 ਨਵੰਬਰ ਨੂੰ ਧੂਰੀ ਵਿਖੇ ਵਿਸ਼ਾਲ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਹਰਦੀਪ ਸਿੰਘ ਘਨੂੰੜਕੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਪੇਦਨ ਨੇ ਮੁਲਾਜ਼ਮਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਲੰਮੀ ਹੜਤਾਲ ਨਾਲ ਕਿਸਾਨਾਂ ਅਤੇ ਆਮ ਲੋਕਾਂ ਦੇ ਕੰਮ ਪ੍ਰਭਾਵਿਤ ਹੋਣਗੇ। ਉਨ੍ਹਾਂ ਦੀ ਬੇਨਤੀ ’ਤੇ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ।