- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਭਾ ਪੁਲਿਸ ਵੱਲੋਂ ਹੈਰੋਇਨ ਤੇ 400 ਕੈਪਸੂਲਾਂ ਸਮੇਤ ਔਰਤ ਸਮੇਤ ਦੋ ਗ੍ਰਿਫ਼ਤਾਰ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਭਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਤੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਇਕ ਕੈਦੀ ਕੋਲੋਂ ਵੀ ਸੁਲਫਾ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਤਵਾਲੀ ਥਾਣਾ ਮੁਖੀ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਐੱਸਆਈ ਮੋਹਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਟੇਹਾ ਬਸਤੀ ’ਚ ਸ਼ੱਕ ਦੇ ਆਧਾਰ ’ਤੇ ਸਪਨਾ ਪਤਨੀ ਗੋਬਿੰਦ ਵਾਸੀ ਟੇਹਾ ਬਸਤੀ, ਅਲਹੌਰਾ ਗੇਟ ਨਾਭਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.55 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਕੋਤਵਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਕ ਹੋਰ ਮਾਮਲੇ ਵਿਚ ਖੰਡਾ ਚੌਕ ਵਿਖੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਆਦਿਲ ਖਾਨ ਪੁੱਤਰ ਅਸਲਮ ਖਾਨ ਵਾਸੀ ਘੁਮਾਰਾਂ ਵਾਲਾ ਮੁਹੱਲਾ, ਭਿੱਖੀ ਮੋੜ ਨੂੰ ਕਾਬੂ ਕਰਕੇ ਉਸ ਕੋਲੋਂ 400 ਪ੍ਰੈਗਾ ਕੈਪਸੂਲ ਬਰਾਮਦ ਕੀਤੇ। ਪੁਲਿਸ ਅਨੁਸਾਰ ਉਹ ਇਹ ਕੈਪਸੂਲ ਵੇਚਣ ਲਈ ਲਿਆਇਆ ਸੀ। ਇਸ ਸਬੰਧੀ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੇ ਬਿਆਨਾਂ ’ਤੇ ਕੈਦੀ ਮੰਗਾ ਸਿੰਘ ਵਾਸੀ ਪਿੰਡ ਗੋਹ, ਥਾਣਾ ਸਦਰ ਖੰਨਾ, ਜ਼ਿਲ੍ਹਾ ਲੁਧਿਆਣਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਨੁਸਾਰ ਕੈਦੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 23 ਗ੍ਰਾਮ ਸੁਲਫਾ ਬਰਾਮਦ ਹੋਇਆ। ਪੁਲਿਸ ਵੱਲੋਂ ਤਿੰਨਾਂ ਮਾਮਲਿਆਂ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।