ਨਗਰ ਕੌਂਸਲ ’ਚ ਕੱਚੇ ਸਫਾਈ ਕਰਮਚਾਰੀ ਪੱਕੇ ਕਰਨ ਦੀ ਮੰਗ
ਰਾਜਪੁਰਾ ਨਗਰ ਕੌਂਸਲ ਵਿੱਚ 105 ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ
Publish Date: Thu, 16 Apr 2026 04:19 PM (IST)
Updated Date: Fri, 17 Apr 2026 04:01 AM (IST)

ਐੱਚ.ਐੱਸ.ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਨਗਰ ਕੌਂਸਲ ਰਾਜਪੁਰਾ ਵਿੱਚ ਕੰਮ ਕਰ ਰਹੇ 105 ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਮੰਗ ਚੁੱਕੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਹੰਸ ਰਾਜ ਬਨਵਾਰੀ ਦੀ ਅਗਵਾਈ ਹੇਠ ਹਲਕਾ ਵਿਧਾਇਕਾ ਨੀਨਾ ਮਿੱਤਲ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਦਰਸਾਇਆ ਗਿਆ ਕਿ ਰਾਜਪੁਰਾ ਨਗਰ ਕੌਂਸਲ ਵਿੱਚ ਇਹ ਸਫਾਈ ਕਰਮਚਾਰੀ ਆਊਟਸੋਰਸ ਰਾਹੀਂ ਪਿਛਲੇ ਕਾਫੀ ਸਮੇਂ ਤੋਂ ਸੇਵਾ ਨਿਭਾ ਰਹੇ ਹਨ। ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਸੂਬੇ ਦੇ ਹੋਰ ਨਗਰ ਨਿਗਮਾਂ, ਕੌਂਸਲਾਂ ਅਤੇ ਪੰਚਾਇਤਾਂ ਵਿੱਚ ਆਊਟਸੋਰਸ ਕਰਮਚਾਰੀਆਂ ਨੂੰ ਕਾਂਟ੍ਰੈਕਟ ਬੇਸ ‘ਤੇ ਲਿਆਂਦਾ ਜਾ ਚੁੱਕਾ ਹੈ, ਪਰ ਰਾਜਪੁਰਾ ਵਿੱਚ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਯੂਨੀਅਨ ਨੇ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਯੂਨੀਅਨ ਨੇ ਸ਼ਹਿਰ ਵਿੱਚ ਸੇਵਰਮੈਨਾਂ ਦੀ ਘਾਟ ਵੱਲ ਵੀ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਅਤੇ ਨਵੀਆਂ ਕਾਲੋਨੀਆਂ ਦੇ ਕਾਰਨ ਸੇਵਰੇਜ ਦਾ ਕੰਮ ਕਾਫੀ ਵਧ ਗਿਆ ਹੈ, ਜਦਕਿ ਮੌਜੂਦਾ ਸਟਾਫ ਘੱਟ ਹੈ। ਇਸ ਲਈ ਘੱਟੋ-ਘੱਟ 50 ਹੋਰ ਸੇਵਰਮੈਨ ਭਰਤੀ ਕਰਨ ਦੀ ਮੰਗ ਕੀਤੀ ਗਈ ਹੈ। ਵਿਧਾਇਕਾ ਨੀਨਾ ਮਿੱਤਲ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦ ਹੀ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਯੋਗ ਕਾਰਵਾਈ ਕੀਤੀ ਜਾਵੇਗੀ।