ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 31 Jan 2026 05:49 PM (IST)
Updated Date: Sat, 31 Jan 2026 05:52 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ ਬਨੂੜ : ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਰਾਜੋ ਮਾਜਰਾ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਨਗਰ ਕੀਰਤਨ ਨੂੰ ਸੰਤ ਬਾਬਾ ਦਿਲਬਾਗ ਸਿੰਘ ਜੀ ਬਾਘਾ ਨੇ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਰਵਾਨਾ ਕੀਤਾ। ਨਗਰ ਕੀਰਤਨ ਨੂੰ ਰਵਾਨਾ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਦਿਲਬਾਗ ਸਿੰਘ ਨੇ ਕਿਹਾ ਕਿ ਸ਼ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਦਿੱਤਾ ਹੈ ਅਤੇ ਹਮੇਸ਼ਾ ਸੱਚਾਈ ਤੇ ਰਾਹ ’ਤੇ ਚੱਲਣ ਦਾ ਉਪਦੇਸ਼ ਦਿੱਤਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਇਹ ਵਿਸ਼ਾਲ ਨਗਰ ਕੀਰਤਨ ਪਿੰਡ ਕਰਾਲੀ, ਕਰਾਲਾ, ਰੋਇਲ ਸਿਟੀ, ਬਸੀ ਇਸੇ ਖਾਂ, ਬਸੀ ਹਵੇਲੀ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਬਾਂਡਿਆ ਬਸੀ ਬਨੂੜ ਵਿਖੇ ਪੁੱਜਾ, ਜਿੱਥੇ ਬਾਬਾ ਦਿਲਬਾਗ ਸਿੰਘ ਬਾਘਾ ਨੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਗੁਰਦੁਆਰਾ ਸਾਹਿਬ ਵਿਖੇ ਲੰਗਰ ਪਾਣੀ ਦੇ ਪ੍ਰਬੰਧ ਕੀਤੇ ਗਏ ਸਨ। ਉਸ ਤੋਂ ਬਾਅਦ ਇਹ ਨਗਰ ਕੀਰਤਨ ਪਿੰਡ ਬੂਟਾ ਸਿੰਘ ਵਾਲਾ ਧਰਮਗੜ੍ਹ ਤੋਂ ਹੁੰਦਾ ਹੋਇਆ ਦੁਬਾਰਾ ਵਾਪਸ ਪਿੰਡ ਰਾਜੋ ਮਾਜਰਾ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਸ਼ਾਮਲ ਸੰਗਤਾਂ ਲਈ ਵੱਖ-ਵੱਖ ਥਾਵਾਂ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ। ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਨਿਰਮੈਲ ਸਿੰਘ ਜੋਲਾ, ਜਗਜੀਤ ਸਿੰਘ ਛੜਬੜ, ਧਰਮਵੀਰ ਸੈਲੀ, ਸਰਪੰਚ ਬਲਜੀਤ ਸਿੰਘ, ਨੇਤਰ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਸਤੀਸ਼ ਡੱਲਾ, ਜਸਵੰਤ ਸਿੰਘ ਰਾਜੋ ਮਾਜਰਾ, ਗੁਰਦੀਪ ਦੀਪਾ, ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ।