ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Thu, 26 Nov 2026 05:13 PM (IST)
Updated Date: Thu, 26 Nov 2026 05:16 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਹਲਕਾ ਸਨੌਰ ਦੇ ਵਾਰਡ ਨੰਬਰ 15 ਅਧੀਨ ਪੈਂਦੇ ਪਿੰਡ ਅਲੀਪੁਰ ਅਰਾਈਆਂ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪਾਲਕੀ ਸਾਹਿਬ ਦੇ ਨਾਲ-ਨਾਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਨਗਰ ਕੀਰਤਨ ਦੌਰਾਨ ਪੂਰਾ ਮਾਹੌਲ ਗੁਰੂ ਜਸ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਰੂਹਾਨੀ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਸਨੌਰ ਤੋਂ ਰਜਿੰਦਰ ਸਿੰਘ ਵਿਰਕ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਨਗਰ ਕੀਰਤਨ ਵਿੱਚ ਸੇਵਾ ਨਿਭਾਈ ਅਤੇ ਗੁਰੂ ਮਹਾਰਾਜ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਮੂਹ ਨਗਰ ਵਾਸੀਆਂ ਵੱਲੋਂ ਮਿਲ ਕੇ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।