ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ’ਚ ਸਾਫ਼-ਸਫ਼ਾਈ ਦਾ ਨਿਰੀਖਣ
ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ
Publish Date: Fri, 06 Feb 2026 05:52 PM (IST)
Updated Date: Fri, 06 Feb 2026 05:56 PM (IST)

ਫੋਟੋ 6ਪੀਟੀਐਲ: 24 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫਾਈ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਤੇ ਖਾਸ ਤੌਰ ’ਤੇ ਤ੍ਰਿਪੜੀ ਏਰੀਏ ਵਿਚ ਸਫਾਈ ਸਬੰਧੀ ਅਚਨਚੇਤ ਚੈਕਿੰਗ ਕੀਤੀ। ਸ਼ਹਿਰ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਸੜਕਾਂ, ਗਲੀਆਂ, ਸਰਵਜਨਿਕ ਥਾਵਾਂ ਤੇ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਜਾਂਚ ਕੀਤੀ। ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦਾ ਮਕਸਦ ਸ਼ਹਿਰ ਨੂੰ ਸਾਫ਼, ਸੁੰਦਰ ਤੇ ਸਿਹਤਮੰਦ ਬਣਾਉਣਾ ਹੈ, ਜਿਸ ਲਈ ਨਾਗਰਿਕਾਂ ਦੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਇਸ ਦੌਰਾਨ ਇਲਾਕੇ ਦੇ ਕੌਂਸਲਰਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸਫਾਈ ਸਬੰਧੀ ਸ਼ੰਤੁਸ਼ਟੀ ਪ੍ਰਗਟ ਕੀਤੀ। ਚੈਕਿੰਗ ਦੌਰਾਨ ਏਰੀਏ ਦੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਮੌਜੂਦ ਸਨ। ਕਮਿਸ਼ਨਰ ਵੱਲੋਂ ਚੈਕਿੰਗ ਦੌਰਾਨ ਖਾਸ ਤੌਰ ’ਤੇ ਇਲਾਕੇ ਦੀ ਸਾਫ਼-ਸਫਾਈ, ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਕੂੜੇ ਨੂੰ ਵੱਖੋ-ਵੱਖ ਕਰਨ ’ਤੇ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਵੇਸਟ ਪਿੱਕਰ ਨੂੰ ਸੌਂਪਣ। ਨਗਰ ਨਿਗਮ ਕਮਿਸ਼ਨਰ ਨੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਨੂੰ ਤਾੜਨਾ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਸਾਫ਼-ਸਫਾਈ ਤੇ ਸੈਗਰੀਗੇਸ਼ਨ ਨੂੰ ਲਾਗੂ ਕਰਨ ਲਈ ਨਿਯਮਤ ਤੌਰ ’ਤੇ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ।