- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੋਰ-ਟੂ-ਡੋਰ ਮੁਹਿੰਮ ਰਾਹੀਂ ਨਰਿੰਦਰ ਨਿੰਦਾ ਨੇ ਪਿੰਡਾਂ ਵਿੱਚ ਲੋਕਾਂ ਨਾਲ ਕੀਤਾ ਰਾਬਤਾ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ :
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੰਜਾਬ ਕਲਿਆਣ ਬੋਰਡ ਦੇ ਚੇਅਰਮੈਨ ਨਰਿੰਦਰ ਸਿੰਘ ਨਿੰਦਾ ਵੱਲੋਂ ‘ਤੁਹਾਡਾ ਸਾਥ, ਤੁਹਾਡੀ ਆਵਾਜ਼’ ਰੋਡ ਸ਼ੋਅ ਅਤੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਘਨੌਰ ਦੇ ਦਰਜਨਾਂ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਸੰਭੂ, ਮਰਦਾਂਪੁਰ, ਸੰਧਾਰਸੀ, ਪਿੱਪਲ ਮੰਘੋਲੀ, ਕਾਮੀ ਕਲਾਂ ਅਤੇ ਘਨੌਰ ਸਮੇਤ ਹੋਰਨਾਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਰੋਡ ਸ਼ੋਅ ਵਿੱਚ ਦਰਜਨਾਂ ਗੱਡੀਆਂ ਦਾ ਕਾਫਲਾ ਸ਼ਾਮਲ ਰਿਹਾ। ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ, ਨੌਜਵਾਨਾਂ ਅਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਨਰਿੰਦਰ ਸਿੰਘ ਨਿੰਦਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਕਈ ਅਹਿਮ ਫੈਸਲੇ ਲਏ ਹਨ ਅਤੇ ਸਾਲ 2027 ਵਿੱਚ ਵੀ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਉਹ ਹਲਕਾ ਘਨੌਰ ਦੇ ਜੰਮਪਲ ਹਨ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਲੋਕਾਂ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ ਹਨ। ਹਲਕੇ ਵਿੱਚ ਵਿਕਾਸ ਦੇ ਜਿਹੜੇ ਕੰਮ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ ਜਲਦ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਮੁੱਦਾ ਨਹੀਂ ਹੈ। ਨਰਿੰਦਰ ਸਿੰਘ ਨਿੰਦਾ ਨੇ ਹਲਕਾ ਘਨੌਰ ਵਿੱਚ ਹਰ ਸਾਲ ਆਉਣ ਵਾਲੇ ਹੜ੍ਹਾਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਮੁੜ ਸੱਤਾ ਵਿੱਚ ਆਉਣ ’ਤੇ ਹਲਕੇ ਨੂੰ ਹੜ੍ਹਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ।