- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਰੀ ਏਕਤਾ ਵੈਲਫੇਅਰ ਸਭਾ ਦਾ ਗਠਨ, ਅਮਰਦੀਪ ਕੌਰ ਸਿੱਧੂ ਬਣੇ ਪ੍ਰਧਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਔਰਤਾਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਅਤੇ ਸਮਾਜ ਭਲਾਈ ਦੇ ਕਾਰਜ ਕਰਨ ਦੇ ਉਦੇਸ਼ ਨਾਲ ਬਡੁੰਗਰ ਵਿਖੇ ਜਾਗਰੂਕ ਮਹਿਲਾਵਾਂ ਦੀ ਮੀਟਿੰਗ ਦੌਰਾਨ ਨਾਰੀ ਏਕਤਾ ਵੈੱਲਫੇਅਰ ਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ ਸਭਾ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਦੌਰਾਨ ਅਮਰਦੀਪ ਕੌਰ ਸਿੱਧੂ ਨੂੰ ਪ੍ਰਧਾਨ, ਗੁਰਮੇਲ ਕੌਰ ਨੂੰ ਜਨਰਲ ਸਕੱਤਰ ਅਤੇ ਮਨੀਸ਼ਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਪਰਮਜੀਤ ਕੌਰ ਨੂੰ ਸਕੱਤਰ, ਬਲਪ੍ਰੀਤ ਕੌਰ ਨੂੰ ਪ੍ਰਚਾਰ ਸਕੱਤਰ ਅਤੇ ਭੁਪਿੰਦਰ ਕੌਰ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਮਰਦੀਪ ਕੌਰ ਸਿੱਧੂ ਨੇ ਕਿਹਾ ਕਿ ਔਰਤਾਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਦ੍ਰਿੜ ਇਰਾਦੇ ਨਾਲ ਅੱਗੇ ਵਧ ਰਹੀਆਂ ਹਨ, ਪਰ ਇਸ ਦੇ ਬਾਵਜੂਦ ਬਹੁਤ ਸਾਰੀਆਂ ਔਰਤਾਂ ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀਆਂ ਹਨ। ਸਭਾ ਵੱਲੋਂ ਅਜਿਹੀਆਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਭਾ ਵੱਲੋਂ ਮਹਿਲਾ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ, ਲੜਕੀਆਂ ਦੇ ਵਿਆਹਾਂ ਵਿੱਚ ਸਹਿਯੋਗ, ਹੁਨਰ ਵਿਕਾਸ ਸਿਖਲਾਈ, ਕਰੀਅਰ ਕਾਊਂਸਲਿੰਗ ਅਤੇ ਸਵੈ-ਰੁਜ਼ਗਾਰ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਨਸ਼ਾਖੋਰੀ, ਮਿਲਾਵਟਖੋਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਵੀ ਸਮਾਜਿਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।