ਖ਼ਾਲਸਾ ਕਾਲਜ ਪਟਿਆਲਾ ’ਚ ਰਾਸ਼ਟਰੀ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਕਾਲਜ ਪਟਿਆਲਾ ਵਿਖੇ ’ਰਾਸ਼ਟਰੀ ਸੰਵਿਧਾਨ ਦਿਵਸ’ ਉਤਸ਼ਾਹ ਨਾਲ ਮਨਾਇਆ
Publish Date: Thu, 26 Nov 2026 04:29 PM (IST)
Updated Date: Thu, 26 Nov 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐੱਨਐੱਸਐੱਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਾਲਜ ਕੈਂਪਸ ਵਿਖੇ ’ਰਾਸ਼ਟਰੀ ਸੰਵਿਧਾਨ ਦਿਵਸ’ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਸਮਾਗਮ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਉਲੀਕਿਆ ਗਿਆ ਸੀ, ਜਿਸ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਾਰਤੀ ਲੋਕਤੰਤਰ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਅਕ ਅਦਾਰਿਆਂ ਵਿੱਚ ਅਜਿਹੇ ਸਮਾਗਮ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਇਹ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੀ ਸ਼ੁਰੂਆਤ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਦੇ ਇਤਿਹਾਸਕ ਪਿਛੋਕੜ, ਸੰਵਿਧਾਨ ਸਭਾ ਦੇ ਯੋਗਦਾਨ ਅਤੇ ਡਾ. ਬੀ.ਆਰ. ਅੰਬੇਡਕਰ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਇਸ ਮਹਾਨ ਦਸਤਾਵੇਜ਼ ਦੀਆਂ ਮੁੱਖ ਵਿਸ਼ੇਸ਼ਤਾਵਾਂ ’ਤੇ ਚਾਨਣਾ ਪਾਇਆ। ਸਮਾਗਮ ਦੇ ਅਖ਼ੀਰ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਅਤੇ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਸੰਵਿਧਾਨਕ ਮਰਿਆਦਾਵਾਂ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਦਵਿੰਦਰ ਸਿੰਘ ਅਤੇ ਡਾ. ਸਪਨਾ ਸਮੇਤ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।