ਪੰਜਾਬੀ ਯੂਨੀਵਰਸਿਟੀ ਨੇ ਯੁਵਕ ਮੇਲੇ ’ਚ ਦੂਜਾ ਸਥਾਨ ਹਾਸਲ ਕੀਤਾ
ਪੰਜਾਬੀ ਯੂਨੀਵਰਸਿਟੀ ਨੇ ਅੰਤਰ-ਵਰਸਿਟੀ ਯੁਵਕ ਮੇਲੇ ’ਚ ਦੂਜਾ ਸਥਾਨ ਹਾਸਲ ਕੀਤਾ
Publish Date: Thu, 04 Dec 2025 05:23 PM (IST)
Updated Date: Thu, 04 Dec 2025 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਗਏ ਪੰਜਾਬ ਸਟੇਟ ਅੰਤਰ-ਵਰਸਿਟੀ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ ਨੇ ਓਵਰ-ਆਲ ਦੂਜਾ ਸਥਾਨ ਹਾਸਲ ਕੀਤਾ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਗਈ। ਉਨ੍ਹਾਂ ਇਸ ਟਰਾਫ਼ੀ ਦਾ ਯੂਨੀਵਰਸਿਟੀ ਕੈਂਪਸ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀਆਂ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਅਕਾਦਮਿਕ ਗਤੀਵਿਧੀਆਂ ’ਚ ਮਾਰੀਆਂ ਜਾਂਦੀਆਂ ਮੱਲਾਂ ਲਈ ਵੀ ਵਿਸ਼ੇਸ਼ ਤੌਰ ਤੇ ਜਾਣੀ ਜਾਂਦੀ ਹੈ। ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਇਹ ਯੁਵਕ ਮੇਲਾ 30 ਨਵੰਬਰ ਤੋਂ 3 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਠ ਵੰਨਗੀਆਂ ’ਚ ਪਹਿਲਾ ਸਥਾਨ, 15 ਵੰਨਗੀਆਂ ਵਿਚ ਦੂਜਾ ਸਥਾਨ ਅਤੇ 13 ਵੰਨਗੀਆਂ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।