ਰੋਂਗਲਾ ’ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ
ਪਿੰਡ ਰੋਂਗਲਾ ਵਿਖੇ ਪ੍ਰਸ਼ਾਸਨ ਦਾ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ
Publish Date: Sat, 03 Jan 2026 07:01 PM (IST)
Updated Date: Sat, 03 Jan 2026 07:02 PM (IST)

ਨਵਦੀਪ ਢੀਂਗਰਾ, ਪੰਜਾਬੀ ਜਾਗਰਣ ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਂਗਲਾ ਵਿਖੇ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਬਜ਼ਾਧਾਰੀਆਂ ਖ਼ਿਲਾਫ਼ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਕਈ ਸਾਲਾਂ ਤੋਂ ਪੰਚਾਇਤੀ ਜ਼ਮੀਨ ’ਤੇ ਕਾਬਜ਼ ਲੋਕਾਂ ਨੂੰ ਹਟਾ ਕੇ ਜ਼ਮੀਨ ਦਾ ਕਬਜ਼ਾ ਮੁੜ ਗ੍ਰਾਮ ਪੰਚਾਇਤ ਨੂੰ ਸੌਂਪ ਦਿੱਤਾ ਗਿਆ ਹੈ। ਇਸ ਕਾਰਵਾਈ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਰਿਹਾ, ਜਿਸ ਕਾਰਨ ਪੁਲਿਸ ਨੂੰ ਸਖ਼ਤੀ ਵਰਤਣੀ ਪਈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਮਾਲ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਛਾਪੇਮਾਰੀ ਕੀਤੀ ਗਈ। ਮੌਕੇ ’ਤੇ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਸਮੇਤ ਮਾਲ ਵਿਭਾਗ ਦੀ ਪੂਰੀ ਟੀਮ ਮੌਜੂਦ ਸੀ। ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਥਾਣਾ ਤ੍ਰਿਪੜੀ ਦੀ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। ਜਿਵੇਂ ਹੀ ਪ੍ਰਸ਼ਾਸਨ ਨੇ ਕਬਜ਼ਾ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ, ਨਾਜਾਇਜ਼ ਕਬਜ਼ਾਧਾਰੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਚਲਦਿਆਂ, ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਕਬਜ਼ਾ ਹਟਾਉਣ ਦਾ ਕੰਮ ਨਿਰਵਿਘਨ ਨੇਪਰੇ ਚੜ੍ਹਿਆ। ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜ਼ਮੀਨ ਪਿੰਡ ਦੀ ਸਾਂਝੀ ਪੰਚਾਇਤੀ ਜਾਇਦਾਦ ਸੀ, ਜਿਸ ’ਤੇ ਕੁਝ ਵਿਅਕਤੀਆਂ ਨੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਕਬਜ਼ਾਧਾਰੀਆਂ ਨੇ ਨਾ ਸਿਰਫ਼ ਜ਼ਮੀਨ ਨੂੰ ਦੱਬਿਆ ਹੋਇਆ ਸੀ, ਸਗੋਂ ਉੱਥੇ ਪੱਕੀਆਂ ਉਸਾਰੀਆਂ ਵੀ ਕਰ ਲਈਆਂ ਸਨ। ਵਾਰ-ਵਾਰ ਕਹਿਣ ਦੇ ਬਾਵਜੂਦ ਜ਼ਮੀਨ ਖਾਲੀ ਨਹੀਂ ਕੀਤੀ ਜਾ ਰਹੀ ਸੀ, ਜਿਸ ਕਾਰਨ ਅੱਜ ਪ੍ਰਸ਼ਾਸਨਿਕ ਮਦਦ ਨਾਲ ਇਹ ਕਬਜ਼ਾ ਛੁਡਵਾਇਆ ਗਿਆ ਹੈ। ਨਸ਼ਾ ਤਸਕਰੀ ਨਾਲ ਜੁੜੇ ਹੋਣ ਦੇ ਸ਼ੱਕ ਇਸ ਸਾਰੀ ਕਾਰਵਾਈ ਦੌਰਾਨ ਇੱਕ ਅਹਿਮ ਪਹਿਲੂ ਇਹ ਵੀ ਸਾਹਮਣੇ ਆਇਆ ਹੈ ਕਿ ਕਬਜ਼ਾ ਕਰਨ ਵਾਲੇ ਵਿਅਕਤੀਆਂ ਦਾ ਪਿਛੋਕੜ ਸ਼ੱਕੀ ਦੱਸਿਆ ਜਾ ਰਿਹਾ ਹੈ। ਸੂਤਰਾਂ ਅਤੇ ਪਿੰਡ ਵਿੱਚ ਚੱਲ ਰਹੀਆਂ ਚਰਚਾਵਾਂ ਅਨੁਸਾਰ, ਜ਼ਮੀਨ ਦੱਬਣ ਵਾਲੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਨਸ਼ਾ ਤਸਕਰੀ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਇਹ ਨਾਜਾਇਜ਼ ਕਬਜ਼ੇ ਗੈਰ-ਕਾਨੂੰਨੀ ਕਮਾਈ ਰਾਹੀਂ ਬਣਾਈਆਂ ਜਾਇਦਾਦਾਂ ਦਾ ਹਿੱਸਾ ਸਨ।