ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Publish Date: Sat, 17 Jan 2026 05:50 PM (IST)
Updated Date: Sat, 17 Jan 2026 05:51 PM (IST)

- ਗਣਤੰਤਰ ਦਿਵਸ ਸਮਾਗਮ ਸਬੰਧੀ ਸਹਾਇਕ ਕਮਿਸ਼ਨਰ ਨਾਲ ਕੀਤੀਆਂ ਅਹਿਮ ਵਿਚਾਰਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਦੇ ਆਗੂਆਂ ਵੱਲੋਂ ਇੱਕ ਵਿਸ਼ੇਸ਼ ਮੁਲਾਕਾਤ ਸਹਾਇਕ ਕਮਿਸ਼ਨਰ ਜਨਰਲ ਸਿਮਰਪ੍ਰੀਤ ਕੌਰ ਨਾਲ ਕੀਤੀ ਗਈ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਬੀਤਣ ਉਪਰੰਤ ਵੀ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਨਾਂ ਨਾਲ ਸੱਤਾ ਹਾਸਲ ਕੀਤੀ ਹੈ, ਜਦੋਂਕਿ ਇਨ੍ਹਾਂ ਦੇਸ਼ ਭਗਤਾਂ ਦੇ ਪਰਿਵਾਰਾਂ ਦੀ ਸਾਰ ਲੈਣ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ। ਆਗੂਆਂ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਜਲਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਪ੍ਰਬੰਧ ਕਰੇ। ਜੇਕਰ ਗਣਤੰਤਰ ਦਿਵਸ ਤੋਂ ਪਹਿਲਾਂ ਮੀਟਿੰਗ ਲਈ ਸੱਦਾ ਨਾਂ ਭੇਜਿਆ ਗਿਆ ਤਾਂ ਸੂਬਾ ਜਥੇਬੰਦੀ ਗਣਤੰਤਰ ਦਿਵਸ ਮੌਕੇ ਸਮਾਗਮ ਦੇ ਸ਼ਾਂਤਮਈ ਬਾਈਕਾਟ ਦਾ ਐਲਾਨ ਕਰ ਸਕਦੀ ਹੈ। ਆਗੂਆਂ ਨੇ ਦੱਸਿਆ ਕਿ ਮੁੱਖ ਸਨਮਾਨ ਸਹੂਲਤਾਂ ਚੌਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿੱਚ ਸ਼ਾਮਲ ਕਰਨਾ, ਉਤਰਾਖੰਡ ਦੀ ਤਰਜ਼ ’ਤੇ ਪੈਨਸ਼ਨ ਸਕੀਮ, ਸਰਕਾਰੀ ਦਫ਼ਤਰਾਂ ਵਿੱਚ ਮਾਣ ਸਨਮਾਨ ਲਾਗੂ ਕਰਨਾ, ਨੌਕਰੀਆਂ ਵਿੱਚ ਰਾਖਵਾਂਕਰਨ, ਦੇਸ਼ ਭਗਤ ਯਾਦਗਾਰ ਹਾਲ ਬਣਾਉਣੇ, ਸੁਤੰਤਰਤਾ ਸੰਗਰਾਮੀ ਭਲਾਈ ਬੋਰਡ ਸਥਾਪਤ ਕਰਨ ਆਦਿ ਮੰਗਾਂ ਤੇ ਦਰਜਨ ਦੇ ਕਰੀਬ ਮੀਟਿੰਗਾ ਵਿੱਤ ਮੰਤਰੀ ਅਤੇ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ, ਪਰ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਜਾਣਾ ਹੈ। ਸਹਾਇਕ ਕਮਿਸ਼ਨਰ ਜਨਰਲ ਨੇ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਅੰਦਰ ਫਰੀਡਮ ਫਾਈਟਰ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ, ਰਾਜ ਕੁਮਾਰ ਡਕਾਲਾ ਜ਼ਿਲ੍ਹਾ ਜਨਰਲ ਸਕੱਤਰ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ ਆਦਿ ਮੌਜੂਦ ਸਨ।