ਸਿਹਤ ਮੰਤਰੀ ਵੱਲੋਂ ਸਿਹਤ ਕਾਰਡ ਸੈਂਟਰਾਂ ਦਾ ਉਦਘਾਟਨ
ਸਿਹਤ ਮੰਤਰੀ ਵੱਲੋਂ ਪਟਿਆਲਾ ਵਿੱਚ ਸਿਹਤ ਕਾਰਡ ਸੈਂਟਰਾਂ ਦਾ ਉਦਘਾਟਨ
Publish Date: Sat, 24 Jan 2026 06:30 PM (IST)
Updated Date: Sat, 24 Jan 2026 06:34 PM (IST)

- ਕਿਹਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅਮੀਰ ਤੋਂ ਗ਼ਰੀਬ ਤਕ ਇੱਕੋ ਜਿਹਾ ਇਲਾਜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਕਾਲੋਨੀ, ਤ੍ਰਿਪੜੀ, ਸੁਖਰਾਮ ਕਾਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਜਿੰਦਰਾ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਵਾਲੇ ਸੈਂਟਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਯੋਜਨਾ ਅਧੀਨ ਮਿਲਣ ਵਾਲੇ ਲਾਭ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਸਮਝਾਈ ਗਈ। ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਕਿ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਬਿਜਲੀ ਦੇ ਬਿੱਲ ਜ਼ੀਰੋ ਤੇ ਹੁਣ ਹਸਪਤਾਲ ਦੇ ਬਿੱਲ ਵੀ ਜ਼ੀਰੋ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗ਼ਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਿਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ। ਸਿਹਤ ਮੰਤਰੀ ਨੇ ਦੱਸਿਆ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਵਿੱਚ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਐੱਸਡੀਐੱਮ ਹਰਜੋਤ ਕੌਰ, ਸੀਐੱਮਓ ਜਸਵਿੰਦਰ ਸਿੰਘ, ਡਾ. ਕਿਰਨ, ਡਾ. ਪਰਨੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।