ਅਧਿਆਪਕਾਂ ਦੀ ਚੋਣ ਡਿਊਟੀ, ਸਕੂਲਾਂ ’ਚ ਪੜਾਈ ਪ੍ਰਭਾਵਿਤ
ਅਧਿਆਪਕਾਂ ਦੀ ਚੋਣ ਡਿਊਟੀ, ਸਕੂਲਾਂ ’ਚ ਪੜਾਈ ਪ੍ਰਭਾਵਿਤ
Publish Date: Sat, 07 Feb 2026 05:32 PM (IST)
Updated Date: Sun, 08 Feb 2026 04:05 AM (IST)

ਇਕ ਅਧਿਆਪਕ ਨੂੰ ਸਾਂਭਣੀਆਂ ਪੈ ਰਹੀਆਂ ਕਈ-ਕਈ ਜਮਾਤਾਂ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪ੍ਰੀਖਿਆਵਾਂ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀ ਗ਼ੈਰ-ਸਿੱਖਿਆ ਕਾਰਜਾਂ ਵਿੱਚ ਡਿਊਟੀ ਲਗਾਏ ਜਾਣ ਕਾਰਨ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਕਈ ਸਕੂਲਾਂ ਵਿੱਚ ਹਾਲਾਤ ਅਜਿਹੇ ਹਨ ਕਿ ਸਿਰਫ਼ ਇੱਕ ਹੀ ਅਧਿਆਪਕ ਨੂੰ ਅੱਠ-ਅੱਠ ਜਮਾਤਾਂ ਦੀ ਜ਼ਿੰਮੇਵਾਰੀ ਨਿਭਾਉਣੀ ਪੈ ਰਹੀ ਹੈ। ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਪਾਤ ਅਨੁਸਾਰ ਦੋ ਜਾਂ ਤਿੰਨ ਅਧਿਆਪਕ ਹੀ ਤਾਇਨਾਤ ਹੁੰਦੇ ਹਨ। ਅਜਿਹੇ ਵਿੱਚ ਜਿੱਥੇ ਦੋ ਅਧਿਆਪਕ ਹਨ, ਉੱਥੇ ਇੱਕ ਨੂੰ ਬੀ.ਐਲ.ਓ ਜਾਂ ਹੋਰ ਚੋਣ ਕਾਰਜਾਂ ਵਿੱਚ ਲਗਾ ਦੇਣ ਨਾਲ ਪੂਰਾ ਸਕੂਲ ਇੱਕ ਹੀ ਅਧਿਆਪਕ ਦੇ ਭਰੋਸੇ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਮੈਪਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਕਈ ਐਲੀਮੈਂਟਰੀ ਸਕੂਲਾਂ ਵਿੱਚ ਤਾਇਨਾਤ ਅਧਿਆਪਕਾਂ ਦੀ ਡਿਊਟੀ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵਜੋਂ ਲਗਾ ਦਿੱਤੀ ਗਈ ਹੈ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਿੱਧਾ ਅਸਰ ਪੈ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣ ਡਿਊਟੀ ਛੁੱਟੀ ਵਾਲੇ ਦਿਨ ਜਾਂ ਸਕੂਲ ਦੇ ਸਮੇਂ ਤੋਂ ਬਾਅਦ ਹੀ ਕਰਵਾਈ ਜਾਂਦੀ ਹੈ, ਪਰ ਜ਼ਮੀਨੀ ਪੱਧਰ ਤੇ ਜਾਂਚ ਦੌਰਾਨ ਅਜਿਹੇ ਹੁਕਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਅਧਿਆਪਕਾਂ ਨੂੰ ਚੋਣ ਡਿਊਟੀ ਲਈ ਅਧਿਕਾਰਤ ਤੌਰ ਤੇ ਸਕੂਲ ਦੇ ਕੰਮ ਤੋਂ ਫਾਰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਲੀਮੈਂਟਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ, ਨਰਸਰੀ, ਕੇ.ਜੀ. ਅਤੇ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਜਮਾਤਾਂ ਚੱਲਦੀਆਂ ਹਨ। ਆਮ ਤੌਰ ਤੇ 30 ਵਿਦਿਆਰਥੀਆਂ ਤੇ ਇੱਕ ਅਧਿਆਪਕ ਤਾਇਨਾਤ ਕੀਤਾ ਜਾਂਦਾ ਹੈ। ਜ਼ਿਲ੍ਹੇ ਦੇ ਬਹੁਤੇ ਪ੍ਰਾਇਮਰੀ ਸਕੂਲਾਂ ਵਿੱਚ ਦੋ ਜਾਂ ਤਿੰਨ ਅਧਿਆਪਕ ਹੀ ਹਨ, ਜਿਨ੍ਹਾਂ ਵਿੱਚੋਂ ਕਈ ਬੀ.ਐਲ.ਓ. ਦੀ ਡਿਊਟੀ ਨਿਭਾ ਰਹੇ ਹਨ। ਡੱਬੀ ਸਕੂਲਾਂ ਤੋਂ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ ਜਾਰੀ ਜਾਗਰਣ ਦੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਬੀ.ਐਲ.ਓ. ਡਿਊਟੀ ਲਈ ਅਧਿਆਪਕਾਂ ਨੂੰ ਸਕੂਲ ਦੇ ਕੰਮ ਤੋਂ ਫਾਰਗ ਕਰਨ ਦੇ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ। ਇਸ ਨਾਲ ਪ੍ਰੀਖਿਆ ਦੇ ਦਿਨਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਅਧਿਆਪਕ ਚੋਣ ਡਿਊਟੀ ਵਿੱਚ ਰੁੱਝੇ ਰਹਿਣਗੇ। ਇਸ ਸਬੰਧੀ ਜੀ.ਟੀ.ਯੂ. ਨੇ ਜ਼ਿਲ੍ਹਾ ਚੋਣ ਅਫ਼ਸਰ ਤੋਂ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਅਧਿਆਪਕਾਂ ਦੀ ਚੋਣ ਡਿਊਟੀ ਨਾ ਲਗਾਈ ਜਾਵੇ। ਡੱਬੀ 70 ਤੋਂ 80 ਫ਼ੀਸਦੀ ਪ੍ਰਾਇਮਰੀ ਅਧਿਆਪਕ ਬੀਐੱਲਓ, ਪੜ੍ਹਾਈ ਪ੍ਰਭਾਵਿਤ ਹੋਣੀ ਸੁਭਾਵਿਕ : ਜੀਟੀਯੂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 70 ਤੋਂ 80 ਫ਼ੀਸਦੀ ਬੀ.ਐਲ.ਓ. ਅਧਿਆਪਕ ਹੀ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਬੀ.ਐਲ.ਓ. ਦਾ ਨਿਯਮਤ ਕੰਮ ਸਾਰਾ ਸਾਲ ਚੱਲਦਾ ਹੈ, ਜੋ ਚੋਣਾਂ ਦੌਰਾਨ ਹੋਰ ਵੀ ਵਧ ਜਾਂਦਾ ਹੈ। ਇਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਸਿੱਖਿਆ ਕ੍ਰਾਂਤੀ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਅਧਿਆਪਕਾਂ ਤੋਂ ਪੜ੍ਹਾਉਣ ਦੀ ਬਜਾਏ ਗ਼ੈਰ-ਸਿੱਖਿਆ ਕਾਰਜ ਕਰਵਾ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗ਼ੈਰ-ਸਿੱਖਿਆ ਕਾਰਜਾਂ ਲਈ ਵੱਖਰਾ ਸਟਾਫ਼ ਭਰਤੀ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਡੱਬੀ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ’ਚ : ਡੀਈਓ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੇ ਆਧਾਰ ਤੇ ਅਧਿਆਪਕਾਂ ਨੂੰ ਰਿਲੀਵ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਰਹਿੰਦੀ ਹੈ ਕਿ ਚੋਣਾਂ ਨਾਲ ਸਬੰਧਤ ਕੰਮਾਂ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਇਸ ਦੇ ਬਾਵਜੂਦ ਇਹ ਮਾਮਲਾ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।