ਵਿਧਾਇਕ ਤੇ ਮੇਅਰ ਨੇ 80 ਲੱਖ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ
ਵਿਧਾਇਕ ਅਤੇ ਮੇਅਰ ਨੇ ਸ਼ਹਿਰ 'ਚ 80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ
Publish Date: Sat, 28 Feb 2026 04:36 PM (IST)
Updated Date: Sat, 28 Feb 2026 04:37 PM (IST)

- ਹਰ ਵਾਰਡ ’ਚ ਹੋਵੇਗਾ ਸਰਵਪੱਖੀ ਵਿਕਾਸ : ਵਿਧਾਇਕ ਕੋਹਲੀ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ। ਇਹ ਕੰਮ ਲਾਹੌਰੀ ਗੇਟ ਤੋਂ ਸਫਬਦੀ ਗੇਟ ਤੱਕ ਸ਼ੁਰੂ ਕਰਵਾਏ ਗਏ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿੱਚ ਲਿਆਂਦੇ ਗਏ ਹਨ। ਕੋਹਲੀ ਨੇ ਕਿਹਾ ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰਾਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਨਗਰ ਨਿਗਮ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਹਰੇ-ਭਰੇ ਅਤੇ ਸੁੰਦਰ ਸ਼ਹਿਰ ਦੀ ਦ੍ਰਿਸ਼ਟੀ ਨੂੰ ਵੀ ਸਾਕਾਰ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਦਿਨਚਰੀ ਜੀਵਨ ਵਿੱਚ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਸੁਧਾਰ ਦੀ ਉਮੀਦ ਹੈ। ਇਸ ਮੌਕੇ ਕੌਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਕੌਸਲਰ ਨੇਹਾ ਸਿੱਧੂ, ਵੇਦ ਕਪੂਰ, ਸੰਜੀਵ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।