ਵਿਧਾਇਕ ਕੋਹਲੀ ਨੇ ‘ਆਪ’ ਕੌਮੀ ਕਨਵੀਨਰ ਕੇਜਰੀਵਾਲ ਨਾਲ ਕੀਤੀ ਅਹਿਮ ਮੀਟਿੰਗ
ਵਿਧਾਇਕ ਕੋਹਲੀ ਨੇ ‘ਆਪ’ ਕੌਮੀ ਕਨਵੀਨਰ ਕੇਜਰੀਵਾਲ ਨਾਲ ਕੀਤੀ ਅਹਿਮ ਮੀਟਿੰਗ
Publish Date: Mon, 02 Mar 2026 04:25 PM (IST)
Updated Date: Mon, 02 Mar 2026 04:28 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੀਤੇ ਦਿਨੀਂ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇੱਕ ਵਿਸ਼ੇਸ਼ ਅਤੇ ਲੰਮੀ ਮੀਟਿੰਗ ਕੀਤੀ ਗਈ। ਇਸ ਮੁਲਾਕਾਤ ਦੌਰਾਨ ਵਿਧਾਇਕ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਿਕਾਸ, ਚੱਲ ਰਹੇ ਵੱਡੇ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਤ ਚਰਚਾ ਕੀਤੀ। ਅਰਵਿੰਦ ਕੇਜਰੀਵਾਲ ਨੇ ਵਿਧਾਇਕ ਕੋਹਲੀ ਤੋਂ ਸ਼ਹਿਰ ਵਿੱਚ ਚੱਲ ਰਹੇ ਸਮੁੱਚੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਰਿਪੋਰਟ ਲਈ। ਮੀਟਿੰਗ ਦੌਰਾਨ ਵਿਧਾਇਕ ਕੋਹਲੀ ਨੇ ਵਿਸ਼ੇਸ਼ ਤੌਰ ਤੇ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਰ ਦੇ ਸੁੰਦਰੀਕਰਨ ਦੇ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਆਸਥਾ ਨੂੰ ਮੁੱਖ ਰੱਖਦਿਆਂ ਮੰਦਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਕੇਜਰੀਵਾਲ ਨੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਦਾ ਸਤਿਕਾਰ ਅਤੇ ਵਿਕਾਸ ਸਰਕਾਰ ਦੀ ਪ੍ਰਾਥਮਿਕਤਾ ਹੈ। ਪਟਿਆਲਾ ਵਾਸੀਆਂ ਲਈ ਸਭ ਤੋਂ ਅਹਿਮ ਨਹਿਰੀ ਪਾਣੀ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਵੱਲ ਵਧ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਬਣਾਏ ਗਏ ਨਵੇਂ ਕਮਿਊਨਿਟੀ ਸੈਂਟਰਾਂ ਬਾਰੇ ਵੀ ਰਿਪੋਰਟ ਪੇਸ਼ ਕੀਤੀ ਗਈ, ਜੋ ਆਮ ਲੋਕਾਂ ਨੂੰ ਸਮਾਜਿਕ ਸਮਾਗਮਾਂ ਲਈ ਸਸਤੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਦਿੱਲੀ ਮਾਡਲ ਦੀ ਤਰਜ਼ ਤੇ ਪਟਿਆਲਾ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮੁਫ਼ਤ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਆਇਆ ਇਹ ਸੁਧਾਰ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਲੋਕਾਂ ਵਿੱਚ ਇਸ ਸਕੀਮ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਬਜ਼ੁਰਗ ਖਾਸ ਤੌਰ ਤੇ ਇਸ ਦਾ ਲਾਭ ਉਠਾ ਰਹੇ ਹਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪਟਿਆਲਾ ਅੱਜ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਹਰ ਵਰਗ, ਚਾਹੇ ਉਹ ਵਪਾਰੀ ਹੋਵੇ, ਮੁਲਾਜ਼ਮ ਹੋਵੇ ਜਾਂ ਮਜ਼ਦੂਰ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਅਰਵਿੰਦ ਕੇਜਰੀਵਾਲ ਨੇ ਵਿਧਾਇਕ ਕੋਹਲੀ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਦੇ ਰਹਿਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ।