ਭੜਕਾਊ ਭਾਸ਼ਣ ਦੇ ਦੋਸ਼ ਹੇਠ ਮਾਮਲਾ ਦਰਜ, ਮੁਲਜ਼ਮ ਨੇ ਮੰਗੀ ਮਾਫ਼ੀ
ਭੜਕਾਊ ਭਾਸ਼ਣ ਦੇ ਦੋਸ਼ ਹੇਠ ਮਾਮਲਾ ਦਰਜ; ਮੁਲਜ਼ਮ ਨੇ ਮੰਗੀ ਮੁਆਫ਼ੀ
Publish Date: Sat, 07 Mar 2026 05:43 PM (IST)
Updated Date: Sat, 07 Mar 2026 05:45 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਕਥਿਤ ਤੌਰ ’ਤੇ ਨਫ਼ਰਤ ਭਰਿਆ ਭਾਸ਼ਣ ਦੇਣ ਦੇ ਮਾਮਲੇ ਵਿੱਚ ਜੌੜੀਆਂ ਭੱਠੀਆਂ ਦੇ ਰਹਿਣ ਵਾਲੇ ਨਵੀਨ ਗੁਪਤਾ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਹੋਏ ਇੱਕ ਪ੍ਰਦਰਸ਼ਨ ਦੌਰਾਨ ਮੁਲਜ਼ਮ ਵੱਲੋਂ ਕਥਿਤ ਤੌਰ ਤੇ ਦੰਗਿਆਂ ਦੀ ਸਥਿਤੀ ਪੈਦਾ ਕਰਨ ਸਬੰਧੀ ਬਿਆਨ ਦਿੱਤਾ ਗਿਆ ਸੀ। ਇਸ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦਾ ਨੋਟਿਸ ਲਿਆ। ਥਾਣਾ ਕੋਤਵਾਲੀ ਮੁਖੀ ਹਰਪ੍ਰੀਤ ਸਿੰਘ ਕਾਹਲੋਂ ਅਨੁਸਾਰ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਵਾਸੀ ਨਵੀਨ ਗੁਪਤਾ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਆਪਸੀ ਭਾਈਚਾਰਾ ਅਤੇ ਸ਼ਾਂਤੀ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ। ਕਿਸੇ ਵੀ ਵਿਅਕਤੀ ਨੂੰ ਭੜਕਾਊ ਜਾਂ ਸਮਾਜਿਕ ਸਦਭਾਵਨਾ ਵਿਗਾੜਨ ਵਾਲੇ ਬਿਆਨ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਭਵਿੱਖ ਵਿੱਚ ਵੀ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲਾ ਦਰਜ ਹੋਣ ਤੋਂ ਬਾਅਦ ਮੰਗੀ ਮਾਫ਼ੀ : ਦੂਜੇ ਪਾਸੇ ਨਵੀਨ ਗੁਪਤਾ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਵਿਵਾਦ ਕਰੀਬ 4-5 ਦਿਨ ਪਹਿਲਾਂ ਰਾਮਲੀਲਾ ਦੀ ਮੀਟਿੰਗ ਦੌਰਾਨ ਦਿੱਤੇ ਗਏ ਬਿਆਨ ਤੋਂ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿਚ ਬਿਆਨ ਤਰੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਵੀ ਦੁੱਖ ਪਹੁੰਚਿਆ ਹੈ, ਤਾਂ ਉਹ ਇਸ ਲਈ ਮਾਫ਼ੀ ਮੰਗਦੇ ਹਨ।