‘ਯੁੱਧ ਨਸ਼ਿਆਂ ਵਿਰੁੱਧ ਸੰਪਰਕ-2026’ ਤਹਿਤ ਡੀਸੀ-ਐੱਸਐੱਸਪੀ ਦਾ ਸਾਂਝਾ ਸੰਦੇਸ਼
ਯੁੱਧ ਨਸ਼ਿਆਂ ਵਿਰੁੱਧ ਸੰਪਰਕ 2026 ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼
Publish Date: Sat, 21 Mar 2026 05:10 PM (IST)
Updated Date: Sat, 21 Mar 2026 05:13 PM (IST)

- ਸਪਲਾਈ ਚੇਨ ਤੋੜਨ ਦੇ ਨਾਲ ਡਿਮਾਂਡ ਘਟਾਉਣ ਲਈ ਸਮਾਜ ਦੀ ਲੋੜ : ਐੱਸਐੱਸਪੀ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਵਿਭਾਗ ਵੱਲੋਂ ਸੰਪਰਕ 2026 ਪੰਜਾਬ ਪੁਲਿਸ ਪਾਰਟਨਰਸ਼ਿਪ ਪ੍ਰੋਗਰਾਮ ਅਧੀਨ ਇੱਕ ਮਹੱਤਵਪੂਰਨ ਬੈਠਕ ਕਰਵਾਈ ਗਈ। ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐੱਸਐੱਸਪੀ ਵਰੁਣ ਸ਼ਰਮਾ ਅਤੇ ਐੱਸਪੀ ਵੈਭਵ ਚੌਧਰੀ ਵੱਲੋਂ ਸਮਾਜ ਦੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਨਸ਼ਿਆਂ ਦੇ ਖਾਤਮੇ ਲਈ ਸਾਂਝੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਪਟਿਆਲਾ ਦਾ ਪ੍ਰਸ਼ਾਸਨ ਵੀ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਇਸ ਮੁਹਿੰਮ ਨੂੰ ਅੱਗੇ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ ਅਸੀਂ ਸਾਰੇ ਇਕ ਟੀਮ ਵਜੋਂ ਕੰਮ ਕਰਦਿਆਂ ਇਸ ਮੁਹਿੰਮ ਵਿੱਚ ਡਟੇ ਰਹਾਂਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸੱਭਿਆਚਾਰਕ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ। ਇਸ ਮੌਕੇ ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬਿਮਾਰੀ ਹੈ, ਜਿਸ ਨੂੰ ਖਤਮ ਕਰਨ ਲਈ ਸਪਲਾਈ ਅਤੇ ਡਿਮਾਂਡ ਦੋਵਾਂ ’ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਪਲਾਈ ਚੇਨ ਨੂੰ ਤੋੜਨ ਲਈ ਕੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਕਾਫ਼ੀ ਸਫਲਤਾ ਵੀ ਮਿਲੀ ਹੈ। ਹੁਣ ਸਮਾਜ ਦੀ ਸਹਿਭਾਗੀਤਾ ਨਾਲ ਨਸ਼ਿਆਂ ਦੀ ਡਿਮਾਂਡ ਘਟਾਉਣ ਲਈ ਯਤਨ ਤੇਜ਼ ਕਰਨ ਦੀ ਲੋੜ ਹੈ। ਅੰਤ ਵਿੱਚ ਐੱਸਐੱਸਪੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਭਰੋਸਾ ਦਿਵਾਇਆ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣੇ ਆਸ-ਪਾਸ ਦੇ ਨੌਜਵਾਨਾਂ ਨੂੰ ਸਹੀ ਰਸਤੇ ’ਤੇ ਲਿਆਉਣ ਵਿੱਚ ਯੋਗਦਾਨ ਪਾਉਣ।