ਪਿੰਡ ਲੰਗ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ
ਪਿੰਡ ਲੰਗ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ
Publish Date: Sat, 21 Mar 2026 06:29 PM (IST)
Updated Date: Sat, 21 Mar 2026 06:31 PM (IST)

‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਨੌਜਵਾਨਾਂ ਨੂੰ ਮਿਲ ਰਿਹਾ ਨਵਾਂ ਮੰਚ : ਸੌਂਦ - 23 ਜ਼ਿਲ੍ਹਿਆਂ ਦੇ 230 ਪਹਿਲਵਾਨਾਂ ਨੇ ਕੁਸ਼ਤੀ ਚੈਂਪੀਅਨਸ਼ਿਪ ’ਚ ਲਿਆ ਹਿੱਸਾ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹਲਕਾ ਪਟਿਆਲਾ ਦੇ ਪਿੰਡ ਲੰਗ ਵਿਖੇ ਬਣੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕੁਸ਼ਤੀ ਚੈਂਪੀਅਨਸ਼ਿਪ ਜ਼ਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਲੰਗ ਅਤੇ ਐੱਨਆਰਆਈ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਕਰਵਾਈ ਗਈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਕਰੀਬ 230 ਪਹਿਲਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬਲਾਕ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੌਂਦ ਨੇ ਦੱਸਿਆ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਣਦੇ ਇਨਾਮ ਸਮੇਂ ’ਤੇ ਦਿੱਤੇ ਜਾ ਰਹੇ ਹਨ ਅਤੇ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕੀਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਵੱਡਾ ਸਾਧਨ ਹਨ ਅਤੇ ਇਹ ਮੁਹਿੰਮ ਮੌਜੂਦਾ ਸਰਕਾਰ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਚਲਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਇਸ ਸਟੇਡੀਅਮ ਦੇ ਵਿਕਾਸ ਲਈ ਲਗਭਗ 8 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ। ਮੰਤਰੀ ਸੌਂਦ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਦੀ ਸਿੱਧੀ ਚੋਣ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ 2026, ਛੱਤੀਸਗੜ੍ਹ ਲਈ ਕੀਤੀ ਜਾਵੇਗੀ। ਉਨ੍ਹਾਂ ਨੇ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਜ਼ਿਲ੍ਹਾ ਕੁਸ਼ਤੀ ਸੰਸਥਾ ਦੇ ਪ੍ਰਧਾਨ ਰਣਧੀਰ ਸਿੰਘ, ਜਨਰਲ ਸਕੱਤਰ ਮੋਹਿੰਦਰ ਸਿੰਘ, ਸੁਰੇਸ਼ ਰਾਏ, ਜੈ ਸ਼ੰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਹਿੱਸਾ ਲਿਆ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ।