ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਜ਼ਰੂਰੀ : ਸਿਸੋਦੀਆ
“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਜ਼ਰੂਰੀ”- ਮਨੀਸ਼ ਸਿਸੋਦੀਆ
Publish Date: Tue, 24 Mar 2026 06:30 PM (IST)
Updated Date: Wed, 25 Mar 2026 04:05 AM (IST)

* ਕਿਹਾ, ਨਸ਼ਿਆਂ ’ਤੇ ਕਾਬੂ ਪਾਉਣ ਲਈ ਸਰਕਾਰ ਵਚਨਬੱਧ * ਟ੍ਰੇਨਿੰਗ ਸੈਸ਼ਨ ’ਚ ਪਹੁੰਚੇ ਮੰਤਰੀ ਤੇ ਸਮੂਹ ਵਿਧਾਇਕ * ਡੀ.ਆਈ.ਜੀ, ਡੀ.ਸੀ, ਐੱਸ.ਐੱਸ.ਪੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਨ ’ਤੇ ਜ਼ੋਰ ਫੋਟੋ : 24ਪੀਟੀਐਲ : 20 ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਪਟਿਆਲਾ ਵਿਖੇ ਪਿੰਡ ਤੇ ਵਾਰਡ ਪੱਧਰ ਦੇ ਬਲਾਕ ਕੋ-ਆਰਡੀਨੇਟਰਾਂ ਨਾਲ ਹੋਏ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ’ਚ ਸ਼ਾਮਲ ਹੋਏ। ਉਨ੍ਹਾਂ ਇਸ ਮੌਕੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਤੇ ਜ਼ਮੀਨੀ ਪੱਧਰ ’ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਕੁਲਵੰਤ ਸਿੰਘ ਬਾਜ਼ੀਗਰ, ਜਮੀਲ ਉਲ ਰਹਿਮਾਨ, ਕੁਲਜੀਤ ਸਿੰਘ ਰੰਧਾਵਾ, ਡਿਪਟੀ ਮੇਅਰ ਜਗਦੀਪ ਜੱਗਾ ਸਮੇਤ ਹੋਰ ਕਈ ਜਨ ਪ੍ਰਤੀਨਿਧੀ ਮੌਜੂਦ ਰਹੇ। ਪ੍ਰਸ਼ਾਸਨਕ ਪੱਧਰ ’ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀਆਈਜੀ ਕੁਲਦੀਪ ਚਾਹਲ ਤੇ ਐੱਸਐੱਸਪੀ ਵਰੁਣ ਸ਼ਰਮਾ ਸਮੇਤ ਪੁਲਿਸ ਤੇ ਸਿਵਲ ਅਧਿਕਾਰੀ ਵੀ ਹਾਜ਼ਰ ਰਹੇ। ਸੰਬੋਧਨ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਹੁਣ ਸਪੱਸ਼ਟ ਤੌਰ ’ਤੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ’ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਇਕ ਲੰਬੀ ਤੇ ਮੁਸ਼ਕਲ ਲੜਾਈ ਹੈ, ਜਿਸ ’ਚ ਜਨਤਾ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਤੇ ਜ਼ਿਲ੍ਹਾ ਪੱਧਰ ’ਤੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਐਪ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੰਨੇ ਲੋਕ ਨਸ਼ਾ ਮੁਕਤੀ ਸੇਵਾਵਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸਰਕਾਰ ਦੀ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਕੱਟੜ ਇਮਾਨਦਾਰ ਸਰਕਾਰ ਦੱਸਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ‘ਤੇ ਡੀ ਆਈ ਜੀ ਕੁਲਦੀਪ ਚਾਹਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪਹਿਲੇ ਪੜਾਅ ਦੀ ਅਪਾਰ ਸਫਲਤਾ ਤੋਂ ਬਾਅਦ ਦੂਜੇ ਪੜਾਅ ਵਿੱਚ ਵੀ ਚੰਗੇ ਨਤੀਜੇ ਮਿਲ ਰਹੇ ਹਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਕੜੀਆਂ ਕਾਰਵਾਈਆਂ ਜਾਰੀ ਹਨ। ਡੀਸੀ ਵਰਜੀਤ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਕਲਾ ਅਤੇ ਲਾਇਬ੍ਰੇਰੀਆਂ ਵੱਲ ਉਨ੍ਹਾਂ ਦਾ ਰੁਝਾਨ ਵਧਾਇਆ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ’ਚ ਲਗਾ ਸਕਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।