ਪਿੰਡ ਸੋਨੇਮਾਜਰਾ ਵਿੱਚ ਵੱਧ ਰਿਹਾ ਆਵਾਰਾ ਕੁੱਤਿਆਂ ਦਾ ਕਹਿਰ
ਪਿੰਡ ਸੋਨੇਮਾਜਰਾ ਵਿੱਚ ਵੱਧ ਰਿਹਾ ਅਵਾਰਾ ਕੁੱਤਿਆਂ ਦਾ ਕਹਿਰ
Publish Date: Thu, 02 Apr 2026 05:58 PM (IST)
Updated Date: Thu, 02 Apr 2026 06:01 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ ਹਲਕਾ ਘਨੌਰ ਦੇ ਪਿੰਡ ਸੋਨੇਮਾਜਰਾ ’ਚ ਆਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਹਿਲਾਂ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਆਵਾਰਾ ਕੁੱਤਿਆਂ ਨੇ ਪਿੰਡ ਦੇ ਪਸ਼ੂਆਂ ਨੂੰ ਵੀ ਕੱਟਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਡਰ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਈ ਵਾਰ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ। ਪਿੰਡ ਦੇ ਸਰਪੰਚ ਸੋਹਨ ਲਾਲ ਨੇ ਦੱਸਿਆ ਕਿ ਇਸ ਗੰਭੀਰ ਮਸਲੇ ਬਾਰੇ ਉਹ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵੀ ਪੱਤਰ ਲਿਖ ਚੁੱਕੇ ਹਨ। ਇਸ ਤੋਂ ਇਲਾਵਾ ਐਸਡੀਐਮ ਰਾਜਪੁਰਾ ਅਤੇ ਬੀਡੀਪੀਓ ਘਨੌਰ ਨੂੰ ਵੀ ਬੇਨਤੀ ਕੀਤੀ ਗਈ ਸੀ ਕਿ ਪਿੰਡ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਹੁਣ ਤੱਕ ਪ੍ਰਸ਼ਾਸਨ ਵੱਲੋਂ ਕੋਈ ਢੁੱਕਵਾਂ ਕਦਮ ਨਾ ਚੁੱਕਿਆ ਜਾਣਾ ਸਰਕਾਰ ਦੀ ਲਾਪਰਵਾਹੀ ਨੂੰ ਦਰਸਾਉਂਦਾ ਹੈ। ਡੱਬੀ ਜਾਨੀ ਨੁਕਸਾਨ ਹੋਇਆ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ : ਸਰਪੰਚ ਸਰਪੰਚ ਸੋਹਨ ਲਾਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਤੇ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਅਤੇ ਪਸ਼ੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਡੱਬੀ ਇਸ ਮਾਮਲੇ ਸਬੰਧੀ ਜਦੋਂ ਬੀਡੀਪੀਓ ਘਨੌਰ ਜਤਿੰਦਰ ਸਿੰਘ ਢਿੱਲੋਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮਿਊਂਸੀਪਲ ਕਮੇਟੀ ਦੇ ਕਰਮਚਾਰੀ ਵਿਕਾਸ ਦੀ ਡਿਊਟੀ ਲਗਾਈ ਗਈ ਹੈ ਅਤੇ ਜਲਦ ਹੀ ਇਸ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਮਾਮਲੇ ਬਾਰੇ ਜਦੋਂ ਐਸਡੀਐਮ ਰਾਜਪੁਰਾ ਨਮਨ ਮੜਕਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਟੀਮ ਭੇਜ ਕੇ ਪਿੰਡ ਵਿੱਚ ਘੁੰਮ ਰਹੇ ਆਵਾਰਾ ਕੁੱਤਿਆਂ ਨੂੰ ਫੜ ਕੇ ਸ਼ੈਲਟਰ ਹਾਊਸ ਭੇਜਣ ਦੀ ਕਾਰਵਾਈ ਕੀਤੀ ਜਾਵੇਗੀ।