ਮੇਅਰ ਦੀ ਬਿਲਡਿੰਗ ਬ੍ਰਾਂਚ ਨਾਲ ਮੀਟਿੰਗ, ਬਕਾਇਆ ਕੇਸ ਜਲਦ ਨਿਪਟਾਉਣ ਦਾ ਹੁਕਮ
ਮੇਅਰ ਦੀ ਬਿਲਡਿੰਗ ਬ੍ਰਾਂਚ ਨਾਲ ਮੀਟਿੰਗ, ਬਕਾਇਆ ਕੇਸ ਜਲਦ ਨਿਪਟਾਉਣ ਦਾ ਹੁਕਮ
Publish Date: Thu, 16 Apr 2026 05:43 PM (IST)
Updated Date: Fri, 17 Apr 2026 04:10 AM (IST)

ਬਿਨਾਂ ਮਨਜ਼ੂਰੀ ਹੋ ਰਹੇ ਨਿਰਮਾਣ ਕਾਰਜਾਂ ‘ਤੇ ਕੋਰ ਕਾਰਵਾਈ- ਮੇਅਰ ਕਿਹਾ : ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ’ਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਸੁਧਾਰਨ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਦੀ ਬਿਲਡਿੰਗ ਬਰਾਂਚ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਗਏ ਕਿ ਪੈਂਡਿੰਗ ਪਏ ਨਕਸ਼ਿਆਂ ਦੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰ ਕੇ ਵੱਧ ਤੋਂ ਵੱਧ ਪੈਂਡੈਂਸੀ ਨੂੰ ਖਤਮ ਕੀਤਾ ਜਾਵੇ। ਮੀਟਿੰਗ ਵਿੱਚ ਮੇਅਰ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵਿੱਚ ਆਉਣ ਵਾਲੀਆਂ ਫਾਇਲਾਂ ਨੂੰ ਲੰਬੇ ਸਮੇਂ ਤੱਕ ਪੈਂਡਿੰਗ ਰੱਖਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਕੇਸ ਬਿਨਾਂ ਵਜ੍ਹਾ ਲਟਕਾਏ ਜਾ ਰਹੇ ਹਨ, ਉਹਨਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਜਿੰਨੀ ਜਲਦੀ ਹੋ ਸਕੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਮੇਅਰ ਵੱਲੋਂ ਉਹਨਾਂ ਨਕਸ਼ਿਆਂ ਦੀ ਵੀ ਸਮੀਖਿਆ ਕੀਤੀ ਗਈ ਜੋ ਪਾਸ ਹੋ ਚੁੱਕੇ ਹਨ ਪਰ ਸੰਬੰਧਤ ਅਰਜ਼ੀਦਾਰਾਂ ਵੱਲੋਂ ਅਜੇ ਤੱਕ ਫੀਸ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਨੇ ਸਪਸ਼ਟ ਹੁਕਮ ਦਿੱਤੇ ਕਿ ਅਜਿਹੇ ਸਾਰੇ ਨਕਸ਼ੇ ਜਿਨ੍ਹਾਂ ਦੀ ਫੀਸ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਨਹੀਂ ਕਰਵਾਈ ਗਈ, ਉਹਨਾਂ ਨੂੰ ਰੱਦ ਕੀਤਾ ਜਾਵੇ ਅਤੇ ਸੰਬੰਧਤ ਲੋਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਵੀ ਕੀਤੀ ਜਾਵੇ। ਮੇਅਰ ਗੋਗੀਆ ਨੇ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਨਿਰਮਾਣ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਬਿਲਡਿੰਗ ਬਰਾਂਚ ਨੂੰ ਹਦਾਇਤ ਦਿੱਤੀ ਕਿ ਬਿਨਾਂ ਮਨਜ਼ੂਰੀ ਹੋ ਰਹੇ ਨਿਰਮਾਣ ਕਾਰਜਾਂ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਜਾਵੇ ਅਤੇ ਉਹਨਾਂ ਦਾ ਸਮੇਂ-ਸਿਰ ਹੱਲ ਕੀਤਾ ਜਾਵੇ। ਮੇਅਰ ਨੇ ਜ਼ੋਰ ਦੇ ਕੇ ਕਿਹਾ ਕਿ ਨਗਰ ਨਿਗਮ ਦੀ ਸਾਖ ਬਣਾਈ ਰੱਖਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ। ਮੇਅਰ ਨੇ ਅਧਿਕਾਰੀਆਂ ਨੂੰ ਚੇਤਾਇਆ ਕਿ ਜੇਕਰ ਹੁਕਮਾਂ ਦੀ ਪਾਲਣਾ ਵਿੱਚ ਕੋਈ ਕੋਤਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸੁਵਿਧਾ ਲਈ ਨਗਰ ਨਿਗਮ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।