ਪੀਯੂ ਮੰਗਾਂ ਨੂੰ ਲੈ ਕੇ ਕਰਮਚਾਰੀ ਸੰਘ ਵੱਲੋਂ ਆਲ ਪਾਰਟੀ ਮੀਟਿੰਗ
ਪੀਯੂ: ਮੰਗਾਂ ਨੂੰ ਲੈ ਕੇ ਕਰਮਚਾਰੀ ਸੰਘ ਵੱਲੋਂ ‘ਆਲ ਪਾਰਟੀ ਮੀਟਿੰਗ’
Publish Date: Thu, 23 Apr 2026 05:31 PM (IST)
Updated Date: Thu, 23 Apr 2026 05:34 PM (IST)

- ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਮਾਹੌਲ ਪੂਰੀ ਤਰ੍ਹਾਂ ਭਖ ਗਿਆ। ਨਾਨ-ਟੀਚਿੰਗ ਕਰਮਚਾਰੀ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ ਹੇਠ ਕਰਮਚਾਰੀ ਜਥੇਬੰਦੀਆਂ ਦੀ ਇੱਕ ਅਹਿਮ ‘ਆਲ ਪਾਰਟੀ ਮੀਟਿੰਗ’ ਬੁਲਾਈ ਗਈ, ਜਿਸ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਦੇ ਵਤੀਰੇ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਦੋਸ਼ ਲਾਇਆ ਕਿ ਮੌਜੂਦਾ ਕਰਮਚਾਰੀ ਸੰਘ ਨੇ ਅਹੁਦਾ ਸੰਭਾਲਦਿਆਂ ਹੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਵੀ ਹਾਲੇ ਤੱਕ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਕਾਰਜਕਾਰਨੀ ਅਤੇ ਸਲਾਹਕਾਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼ਪਿੰਦਰ ਸਿੰਘ, ਗਗਨਦੀਪ ਸ਼ਰਮਾ, ਅਮਰਜੀਤ ਕੌਰ ਗਿੱਲ, ਜਗਤਾਰ ਸਿੰਘ ਭੁੱਲਰ, ਪਰਕਾਸ਼ ਸਿੰਘ ਧਾਲੀਵਾਲ, ਗੁਰਦੀਪ ਸਿੰਘ ਧਾਲੀਵਾਲ, ਮੁਹੰਮਦ ਜਹੀਰ ਲੌਰੇ, ਮਨੌਜ ਭਾਂਬਰੀ ਅਤੇ ਹਰਦੀਪ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। ਮੁਲਾਜਮਾਂ ਦੀਆਂ ਮੁੱਖ ਮੰਗਾਂ ਹਨ ਕਿ ਹਰ ਮਹੀਨੇ ਤਨਖ਼ਾਹ ਮਿਲਣ ਦਾ ਸਮਾਂ ਤੈਅ ਕੀਤਾ ਜਾਵੇ। ਦਸ ਸਾਲਾਂ ਤੋਂ ਵੱਧ ਸੇਵਾ ਨਿਭਾਅ ਚੁੱਕੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਡੇਲੀਵੇਜਿਸ ਅਤੇ ਫਿਕਸ ਆਧਾਰ ਵਾਲੇ ਮੁਲਾਜ਼ਮਾਂ ਨੂੰ ਵਰਕਚਾਰਜ/ਐਡਹਾਕ ਵਜੋਂ ਪ੍ਰਮੋਟ ਕੀਤਾ ਜਾਵੇ। ਉਸਾਰੀ ਅਤੇ ਹਾਰਟੀਕਲਚਰ ਵਿਭਾਗ ਦੇ ਮੁਲਾਜ਼ਮਾਂ ਨੂੰ ਟੈਕਨੀਕਲ ਗ੍ਰੇਡ ਦੇਣਾ ਅਤੇ ਹੋਰ ਤਕਨੀਕੀ ਕਰਮਚਾਰੀਆਂ ਦੀਆਂ ਤਰੱਕੀਆਂ ਕੀਤੀਆਂ ਜਾਣ। ਸੀ-ਕਲਾਸ ਤੋਂ ਬੀ-ਕਲਾਸ ਲਈ ਟਾਈਪ ਟੈਸਟ ਕਰਵਾਉਣਾ ਅਤੇ ਡੀਸੀਐੱਲਏ ਤੋਂ ਮਿਸਲਾਂ ਟਰੇਸ ਕਰਵਾਈ ਜਾਵੇ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਗੋਪਾਲਪੁਰੀ ਦੇ ਸਟੈਂਡ ਦੀ ਪੁਰਜ਼ੋਰ ਹਮਾਇਤ ਕੀਤੀ। ਉਨ੍ਹਾਂ ਸਾਂਝੇ ਤੌਰ ’ਤੇ ਐਲਾਨ ਕੀਤਾ ਕਿ ਮੁਲਾਜ਼ਮਾਂ ਦੇ ਹੱਕਾਂ ਲਈ ਯੂਨੀਅਨ ਵੱਲੋਂ ਵਿੱਢੇ ਜਾਣ ਵਾਲੇ ਕਿਸੇ ਵੀ ਸੰਘਰਸ਼ ਵਿੱਚ ਉਹ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ।