ਸ਼ਰੀ ਕਾਲੀ ਮਾਤਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਹੋਈ ਚੌਕਸ
ਸ੍ਰੀ ਕਾਲੀ ਮਾਤਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਹੋਈ ਚੌਕਸ
Publish Date: Thu, 04 Jun 2026 06:07 PM (IST)
Updated Date: Fri, 05 Jun 2026 03:35 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਕੱਤਰੇਤ, ਵੱਖ-ਵੱਖ ਹਿੰਦੂ ਮੰਦਰਾਂ ਅਤੇ ਅੰਬਾਲਾ-ਦਿੱਲੀ ਰੇਲਗੱਡੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਇੱਕ ਸਾਂਝੀ ਧਮਕੀ ਤੋਂ ਬਾਅਦ ਹੁਣ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਸ਼ਰੀ ਕਾਲੀ ਮਾਤਾ ਮੰਦਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਖ਼ੁਫ਼ੀਆ ਧਮਕੀ ਤੋਂ ਬਾਅਦ ਪੰਜਾਬ ਪੁਲਿਸ, ਖ਼ੁਫ਼ੀਆ ਵਿਭਾਗ ਅਤੇ ਹੋਰ ਕੇਂਦਰੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਮੌਕੇ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪਟਿਆਲਾ ਸਿਟੀ-1 ਦੇ ਡੀਐੱਸਪੀ ਸੰਜੀਵ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਸਐੱਸਪੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਮਹੱਤਵਪੂਰਨ, ਇਤਿਹਾਸਕ ਅਤੇ ਸੰਵੇਦਨਸ਼ੀਲ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਿਵਸਥਾ ਦੀ ਲਗਾਤਾਰ ਅਤੇ ਨਿਯਮਤ ਸਮੀਖਿਆ ਕੀਤੀ ਜਾਂਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੀ ਸੂਚਨਾ ਇੱਕ ਕਥਿਤ ਈਮੇਲ ਰਾਹੀਂ ਪ੍ਰਾਪਤ ਹੋਈ ਹੈ। ਇਹ ਈਮੇਲ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ’ਤੇ ਭੇਜੀ ਗਈ ਦੱਸੀ ਜਾ ਰਹੀ ਹੈ। ਇਸ ਧਮਕੀ ਭਰੀ ਈਮੇਲ ਵਿੱਚ ਆਪ੍ਰੇਸ਼ਨ ਬਲੂ ਸਟਾਰ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਈਮੇਲ ਦੇ ਆਈਪੀ ਐਡਰੈੱਸ ਅਤੇ ਭੇਜਣ ਵਾਲੇ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼੍ਰੀ ਕਾਲੀ ਮਾਤਾ ਮੰਦਰ ਦੀ ਸੁਰੱਖਿਆ ਹੋਈ ਸਖ਼ਤ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਨੂੰ ਧਮਕੀ ਮਿਲਣ ਦੀ ਅਫ਼ਵਾਹ ਅਤੇ ਸੂਚਨਾ ਫੈਲਦਿਆਂ ਹੀ ਮੰਦਰ ਕੰਪਲੈਕਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਤੁਰੰਤ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ’ਤੇ ਸੁਰੱਖਿਆ ਜਾਂਚ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਸ਼ਰਧਾਲੂਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਮੰਦਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਹਰ ਹਰਕਤ ਤੇ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ : ਡੀਐੱਸਪੀ ਸਿੰਗਲਾ ਨੇ ਵਚਨਬੱਧਤਾ ਜਤਾਉਂਦੇ ਹੋਏ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਸੰਗਠਨ ਵੱਲੋਂ ਦਿੱਤੀ ਗਈ ਧਮਕੀ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਰਿਹਾ। ਸ਼੍ਰੀ ਕਾਲੀ ਮਾਤਾ ਮੰਦਰ ਸਮੇਤ ਸਾਰੇ ਮੁੱਖ ਧਾਰਮਿਕ ਅਸਥਾਨਾਂ ’ਤੇ ਪਹਿਲਾਂ ਹੀ ਲੁੜੀਂਦੀ ਪੁਲਿਸ ਫੋਰਸ ਅਤੇ ਕਮਾਂਡੋ ਤਾਇਨਾਤ ਹਨ, ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸ਼ੱਕੀ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਫੈਲਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ। ਪੁਲਿਸ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ ਅਤੇ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਸ਼ੱਕੀ ਵਸਤੂ, ਲਾਵਾਰਿਸ ਬੈਗ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ, ਤਾਂ ਉਸ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਜਾਂ ਹੈਲਪਲਾਈਨ ਨੰਬਰ ’ਤੇ ਦਿੱਤੀ ਜਾਵੇ। ਫਿਲਹਾਲ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ।